ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਸਰੂਪ ਰਾਣੀ ਸਰਕਾਰੀ ਕਾਲਜ਼ ਅੰਮ੍ਰਿਤਸਰ ਵਿਖੇ ਦੋ ਦਹਾਕਿਆਂ ਤੋਂ ਪੰਜਾਬੀ ਵਿਸ਼ੇ ਵਿੱਚ ਸੇਵਾਵਾਂ ਨਿਭਾਅ ਰਹੀ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਸਿਮਰਨਜੀਤ ਕੌਰ ਦੀ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਨਾਲ ਮੌਤ ਹੋ ਗਈ ਹੈ। ਗੈਸਟ ਫੈਕਲਟੀ ਮੁਲਾਜ਼ਮ ਫਰੰਟ ਨੇ ਉਕਤ ਪ੍ਰੋਫੈਸਰ ਦੀ ਮੌਤ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੁਨਾਮ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰੋਫੈਸਰ ਕੁਲਦੀਪ ਸਿੰਘ ਬਾਹੀਆ, ਚਮਕੌਰ ਸਿੰਘ, ਰਮਨਦੀਪ ਸਿੰਘ, ਮੁਨੀਤਾ ਜੋਸ਼ੀ ਅਤੇ ਪ੍ਰਭਜੀਤ ਕੌਰ ਭਰੂਰ ਨੇ ਸਿਮਰਨਜੀਤ ਕੌਰ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪ੍ਰੋ ਸਿਮਰਨਜੀਤ ਕੌਰ ਪਿਛਲੇ ਚਾਰ ਪੰਜ ਮਹੀਨਿਆਂ ਤੋਂ ਨੌਕਰੀ ਖੁਸ ਜਾਣ ਦੇ ਡਰ ਤੋਂ ਮਾਨਸਿਕ ਤਣਾਅ ਵਿੱਚ ਸਨ ਕਿਉਂਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਾਇਕ ਪ੍ਰੋਫ਼ੈਸਰਾਂ ਦੀਆਂ ਹੋਈਆਂ ਨਵੀਂ ਨਿਯੁਕਤੀਆਂ ਦੌਰਾਨ ਕਾਲਜਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਮਨਜੂਰਸ਼ੁਦਾ ਅਸਾਮੀਆਂ ਨੂੰ ਖਾਲੀ ਦਰਸਾ ਦਿੱਤਾ ਗਿਆ, ਜਿਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਫਰੰਟ ਆਗੂਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਜੋ ਬੇਸਿੱਟਾ ਰਹੀਆਂ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਉਨਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਲਈ ਨੀਤੀ ਬਣਾਉਣ ਦਾ ਕੀਤਾ ਵਾਅਦਾ ਵਫ਼ਾ ਨਹੀਂ ਹੋਇਆ, ਬਲਕਿ ਹੁਣ ਹਾਲਾਤ ਇਹ ਬਣ ਗਏ ਕਿ ਕਈ ਗੈਸਟ ਪ੍ਰੋਫ਼ੈਸਰਾਂ ਦੀਆਂ ਤਨਖਾਹਾਂ ਵੀ ਰੁਕੀਆਂ ਹੋਈਆਂ ਹਨ ਤੇ ਉਹਨਾਂ ਤੋਂ ਪਹਿਲਾਂ ਵਾਲਾ ਵਰਕਲੋਡ ਵੀ ਖੋਹ ਲਿਆ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਆਪਣੀ ਨੌਕਰੀ ਪੱਕੇ ਹੋਣ ਦੀ ਉਡੀਕ ਵਿੱਚ ਇਸ ਫਾਨੀ ਦੁਨੀਆ ਤੋਂ ਰੁਖਸਤ ਹੋ ਗਈ ਸਿਮਰਨਜੀਤ ਕੌਰ ਦੀ ਮੌਤ ਦੇ ਸਿੱਧੇ ਤੌਰ ਤੇ ਉਚੇਰੀ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਜਿੰਮੇਵਾਰ ਹੈ ।ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਸਿਮਰਨਜੀਤ ਕੌਰ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ।