ਸੁਨਾਮ : ਔਰਤਾਂ ਦੇ ਸਨਮਾਨ ਵਿੱਚ ਮਨਾਏ ਜਾਂਦੇ ਕੌਮਾਂਤਰੀ ਔਰਤ ਦਿਵਸ ਮੌਕੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੀਆਂ ਮਹਿਲਾ ਅਧਿਆਪਕਾਂ ਨੂੰ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਆਦਰਸ਼ ਸਕੂਲ ਟੀਚਿੰਗ, ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਅਤੇ ਜਨਰਲ ਸਕੱਤਰ ਸੁਖਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਗ੍ਰੇਡ ਪੇਅ ਅਤੇ ਤਨਖਾਹ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਯੋਗਤਾ ਦੇ ਆਧਾਰ 'ਤੇ ਤਰੱਕੀ, ਸਾਲਾਨਾ ਵਾਧੇ ਅਤੇ ਤਬਾਦਲੇ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸੱਤਾ 'ਚ ਆਉਣ ਤੋਂ ਪਹਿਲਾਂ 'ਆਪ' ਨੇ ਵਾਅਦੇ ਕੀਤੇ ਪਰ ਹੁਣ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ। ਜਥੇਬੰਦੀ ਆਪਣੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ। ਇਸੇ ਕੜੀ ਤਹਿਤ ‘ਆਪ’ ਦੇ ਪੰਜਾਬ ਪ੍ਰਧਾਨ ਦੇ ਇਲਾਕੇ ਵਿੱਚ ਅੰਦੋਲਨ ਕੀਤਾ ਗਿਆ ਹੈ।