ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਜੱਦੀ ਜ਼ਿਲ੍ਹੇ ਵਿੱਚ ਪੈਂਦੇ ਸੁਨਾਮ ਸ਼ਹਿਰ ਅੰਦਰ ਮੰਗਲਵਾਰ ਨੂੰ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕੀਤੀ ਕਾਰਵਾਈ ਨਸ਼ਿਆਂ ਦੇ ਮੁਕਾਬਲੇ ਬੌਣੀ ਦਿਖਾਈ ਦਿੱਤੀ ਹਾਲਾਂਕਿ ਨਸ਼ਿਆਂ ਦੀ ਹੱਬ ਵਜੋਂ ਜਾਣੀ ਜਾਂਦੀ ਨਵੀਂ ਅਨਾਜ ਮੰਡੀ ਵਿੱਚ ਨਜਾਇਜ਼ ਤੌਰ ਤੇ ਕਬਜ਼ੇ ਕਰਕੇ ਉਸਾਰੀਆਂ ਬਿਲਡਿੰਗਾਂ ਸਪਸ਼ਟ ਦਿਖਾਈ ਦੇ ਰਹੀਆਂ ਹਨ। ਪੁਲਿਸ ਵੱਲੋਂ ਮਾਰਕਿਟ ਕਮੇਟੀ ਸੁਨਾਮ ਦੇ ਸਹਿਯੋਗ ਨਾਲ ਬੁਲਡੋਜ਼ਰ ਦੀ ਵਰਤੋਂ ਕਰਕੇ ਨਵੀਂ ਅਨਾਜ ਮੰਡੀ ਦੇ ਗੇਟ ਨਾਲ ਬਣਿਆ ਇੱਕ ਕੋਠਾ ਢਾਹਿਆ ਗਿਆ ਹੈ। ਪੁਲਿਸ ਕਾਰਵਾਈ ਮੌਕੇ ਇਕੱਤਰ ਹੋਏ ਆਮ ਲੋਕ ਇਹ ਕਹਿੰਦੇ ਸੁਣਾਈ ਦਿੱਤੇ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲਿਪਤ ਵੱਡੇ ਮਗਰਮੱਛਾਂ ਵੱਲ ਕੋਈ ਮੂੰਹ ਨਹੀਂ ਕਰ ਰਿਹਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਹੈ ਇਹ ਇਮਾਰਤ ਸੁਨਾਮ ਦੀ ਨਵੀਂ ਅਨਾਜ ਮੰਡੀ ਕੰਪਲੈਕਸ ਅੰਦਰ ਬਣੀ ਸੀ।
ਪੁਲਿਸ ਮੁਖੀ ਨੇ ਦਾਅਵਾ ਕੀਤਾ ਕਿ ਬੁੱਧੂ ਸਿੰਘ ਨਾਮ ਦੇ ਵਿਅਕਤੀ ਵੱਲੋਂ ਇਸ ਇਮਾਰਤ ਦੀ ਨਾਜਾਇਜ਼ ਵਰਤੋਂ ਕਰਕੇ ਇੱਥੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਸਨ। ਪੁਲਿਸ ਕੋਲ ਉਸਦੇ ਖਿਲਾਫ ਕਈ ਸ਼ਿਕਾਇਤਾਂ ਹਨ। ਇਸ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਐਸਐਸਪੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੱਕ ਅਜਿਹੀ ਸਖ਼ਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਹਿਯੋਗ ਦੇਣ ਅਤੇ ਪੁਲਿਸ ਨੂੰ ਇਨਪੁਟ ਦਿੰਦੇ ਰਹਿਣ ਤਾਂ ਜੋ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਮੌਕੇ ਐਸ ਪੀ ਨਵਰੀਤ ਸਿੰਘ ਵਿਰਕ, ਡੀਐਸਪੀ ਹਰਵਿੰਦਰ ਸਿੰਘ ਖਹਿਰਾ, ਐਸਐਚਓ ਪ੍ਰਤੀਕ ਜਿੰਦਲ, ਐਸਐਚਓ ਲੌਂਗੋਵਾਲ ਇੰਸਪੈਕਟਰ ਜਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਸਨ।