ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਣਾਉਣ ਲਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋਗਰਾਮ ਅਫਸਰ ਐੈਨ. ਐਸ. ਐਸ. ਅਤੇ ਰੈੱਡ ਰਿਬਨ ਕਲੱਬ ਸਰਦਾਰ ਰਜਿੰਦਰ ਸਿੰਘ ਅਨਭੋਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਯੂਥ ਕਲੱਬਾਂ ਦੀ ਜੋ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ ਕੀਤੀ ਜਾ ਰਹੀ ਹੈ, ਇਸ ਦਾ ਮੁੱਖ ਮਨੋਰਥ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਪੰਜਾਬ ਯੂਥ ਪਾਲਸੀ 2024 ਤੋਂ ਜਾਣੂ ਕਰਵਾਉਣਾ ਅਤੇ ਸਮਾਜ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਨਾ ਹੈ। ਉਹਨਾਂ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਨੌਜਵਾਨਾਂ ਨੂੰ ਕਲੱਬਾਂ ਰਾਹੀਂ ਵਾਤਾਵਰਨ ਦੀ ਸਾਂਭ ਸੰਭਾਲ ਕਰਨ, ਪਰਾਲੀ ਨਾ ਸਾੜਨ, ਵੱਧ ਤੋਂ ਵੱਧ ਬੂਟੇ ਲਾਉਣ, ਪੰਜਾਬ ਦੇ ਵਿਰਸੇ ਨੂੰ ਸੰਭਾਲਣ, ਨਸ਼ੇ ਛੁਡਾਉਣ, ਮੈਡੀਕਲ ਕੈਂਪ ਲਾਉਣ ਤੇ ਖੂਨ ਦਾਨ ਕੈਂਪਾਂ ਦਾ ਆਯੋਜਨ ਕਰਨ ਦੀ ਸਿਖਲਾਈ ਦੇਣਾ ਹੈ। ਖੇਤੀ ਅਫਸਰ ਸ੍ਰੀ ਪੁਨੀਤ ਅਤੇ ਸ੍ਰੀਮਤੀ ਸੁਖਜੀਤ ਕੌਰ ਨੇ ਨੌਜਵਾਨਾਂ ਨੂੰ ਖੇਤਾਂ ਵਿੱਚਲੀ ਪਰਾਲੀ ਸਾੜਨ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਸ੍ਰ. ਹਰਬਿੰਦਰ ਸਿੰਘ ਨੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਪੰਜਾਬੀ ਸਭਿਆਚਾਰ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਜੰਗਲਾਤ ਵਿਭਾਗ ਦੇ ਸ੍ਰ. ਭੁਪਿੰਦਰ ਸਿੰਘ ਨੇ ਬੂਟੇ ਲਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਵਿੱਚ ਲਗਭਗ 40 ਪਿੰਡਾਂ ਦੇ ਸਰਗਰਮ ਮੈਂਬਰ ਹਾਜਰ ਹੋਏ।