ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸਮਾਗਮ ਦੀ ਕੀਤੀ ਪ੍ਰਧਾਨਗੀ
ਸੁਨਾਮ : ਸੇਵਾ ਮੁਕਤ ਐਸ ਐਸ ਪੀ ਅਤੇ ਦਰਜਨਾਂ ਪੁਸਤਕਾਂ ਸਾਹਿਤ ਜਗਤ ਦੀ ਝੋਲੀ ਪਾਉਣ ਵਾਲੇ ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀ ਯਾਦ ਵਿੱਚ ਧਾਲੀਵਾਲ ਪਰਿਵਾਰ ਵੱਲੋਂ ਸ਼ੁਰੂ ਕੀਤਾ ਪੁਲਿਸ ਸਾਹਿਤਕਾਰ ਐਵਾਰਡ ਸੇਵਾ ਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੂੰ ਦਿੱਤਾ ਗਿਆ ਹੈ। ਉਕਤ ਐਵਾਰਡ ਹਰ ਵਰ੍ਹੇ ਪੁਲਿਸ ਵਿਭਾਗ ਦੇ ਨਾਮਵਰ ਲੇਖਕਾਂ ਦੀ ਚੋਣ ਕਰਕੇ ਸਮਾਗਮ ਆਯੋਜਿਤ ਕਰਕੇ ਦਿੱਤਾ ਜਾਂਦਾ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤੇ ਐਵਾਰਡ ਵੰਡ ਸਮਾਗਮ ਦੀ ਪ੍ਰਧਾਨਗੀ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ। ਧਾਲੀਵਾਲ ਪਰਿਵਾਰ ਅਤੇ ਸਾਹਿਤ ਸਭਾ ਸੁਨਾਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਨਾਮਵਾਰ ਸ਼ਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਆਜ਼ਾਦ ਫਿਜ਼ਾ ਨੂੰ ਬਚਾਉਣ ਲਈ ਉਨ੍ਹਾਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਮਾਗਮ ਪੁਲਿਸ ਮਹਿਕਮੇ ਵਿੱਚ ਕੰਮ ਕਰ ਰਹੇ ਜਾਂ ਕੰਮ ਕਰ ਚੁੱਕੇ ਚੰਗੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਦੇ ਸਾਹਮਣੇ ਲਿਆਉਣ ਲਈ ਬਹੁਤ ਸਹਾਈ ਹੋਣਗੇ। ਉਨ੍ਹਾ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਬਹੁਤ ਪੁਰਾਣੇ ਸੰਬੰਧ ਹਨ ਅਤੇ ਉਮੀਦ ਹੈ ਭਵਿੱਖ ਵਿੱਚ ਵੀ ਪਰਿਵਾਰ ਇਹ ਸਾਰਥਕ ਉਪਰਾਲੇ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਾਗਮ ਬਹੁਤ ਪ੍ਰਭਾਵਸ਼ਾਲੀ ਹੈ ਕਿਉਂਕਿ ਸਾਹਿਤ ਹੱਦਾਂ-ਸਰਹੱਦਾਂ ਤੋਂ ਪਾਰ ਦੀ ਗੱਲ ਬਹੁਤ ਹੀ ਸਹਿਜ ਤਰੀਕੇ ਨਾਲ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਵ. ਹਰਦੇਵ ਸਿੰਘ ਧਾਲੀਵਾਲ ਨੇ ਬਹੁਤ ਹੀ ਇਮਾਨਦਾਰੀ ਅਤੇ ਦ੍ਰਿੜ ਨਿਸ਼ਚੇ ਨਾਲ ਸਾਫ-ਸੁਥਰੇ ਅਕਸ ਨਾਲ ਆਪਣੀ ਡਿਊਟੀ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ ਜਿਸਦਾ ਮਕਸਦ ਸੂਬੇ ਵਿੱਚੋਂ ਫੈਸਲਾਕੁੰਨ ਤਰੀਕੇ ਨਾਲ ਸਪਲਾਈ ਚੈਨ ਤੋੜਕੇ ਨਸ਼ਿਆਂ ਦੀ ਆਦਤ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾ ਕੇ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਸੇਵਾ ਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਫਜ਼ੂਲ ਖ਼ਰਚੀ ਘਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ‘ਤੇ ਵੀ ਠੱਲ੍ਹ ਪਾਉਣ ਲਈ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਸਟੇਜ ਸਕੱਤਰ ਦੀ ਭੂਮਿਕਾ ਕੰਵਲਜੀਤ ਸਿੰਘ ਢੀਂਡਸਾ ਨੇ ਬਾਖੂਬੀ ਨਿਭਾਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਸੋਨੀਆ ਮਾਨ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਏ.ਆਈ.ਜੀ. ਹਰਵਿੰਦਰ ਸਿੰਘ ਵਿਰਕ, ਜ਼ਿਲ੍ਹਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਰੁਪਿੰਦਰ ਸਿੰਘ ਉੱਪਲ, ਡੀਐਸਪੀ ਦੀਪਇੰਦਰ ਪਾਲ ਸਿੰਘ ਜੇਜੀ, ਇਸਵਰਮੀਤ ਸਿੰਘ ਮਿੱਠੂ ਛਾਹੜ, ਮਨਪ੍ਰੀਤ ਸਿੰਘ ਮਨੀ ਵੜ੍ਹੈਚ,ਪ੍ਰਿਤਪਾਲ ਸਿੰਘ ਹਾਂਡਾ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਨਿਰਮਾਣ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।