ਪੁਲਿਸ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਸਮਾਪਤ
ਸੁਨਾਮ : ਸੁਨਾਮ ਪਟਿਆਲਾ ਮੁੱਖ ਸੜਕ ਤੇ ਸਥਿਤ ਪਿੰਡ ਮਰਦਖੇੜਾ ਵਿਖੇ ਪਿੰਡ ਦੇ ਵਿਅਕਤੀ ਵੱਲੋਂ ਗਰੀਬਾਂ ਦੇ ਘਰਾਂ ਨੂੰ ਜਾਂਦਾ ਰਸਤਾ ਬੰਦ ਕਰ ਦਿੱਤੇ ਜਾਣ ਦੇ ਰੋਸ ਵਜੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮਜ਼ਦੂਰਾਂ ਨੇ ਮੰਗਲਵਾਰ ਨੂੰ ਪੁਲਿਸ ਚੌਂਕੀ ਮਹਿਲਾਂ ਮੂਹਰੇ ਧਰਨਾ ਦੇਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਅਮੀਰ ਵਿਅਕਤੀ ਮਜ਼ਦੂਰਾਂ ਦੇ ਘਰਾਂ ਨੂੰ ਜਾਂਦੇ ਰਸਤੇ ਬੰਦ ਕਰਕੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਥਾਣਾ ਛਾਜਲੀ ਦੇ ਮੁਖੀ ਵੱਲੋਂ ਮਸਲਾ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਪੁਲਿਸ ਚੌਂਕੀ ਮਹਿਲਾਂ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਆਗੂ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਜ਼ਦੂਰਾਂ ਨਾਲ ਹੋ ਰਹੀਆਂ ਕਥਿਤ ਧੱਕੇਸ਼ਾਹੀਆ ਦੀ ਸਿੱਧੇ ਰੂਪ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ ਪੰਜਾਬ ਅੰਦਰ ਮਜ਼ਦੂਰਾਂ ਖ਼ਿਲਾਫ਼ ਹੋ ਰਹੀਆਂ ਧੱਕੇਸ਼ਾਹੀਆ ਨੂੰ ਠੱਲ੍ਹ ਪਾਉਣ 'ਚ ਸਰਕਾਰ ਫੇਲ ਸਾਬਤ ਹੋਈ ਹੈ । ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲਾ ਪ੍ਰਧਾਨ ਬਿੱਟੂ ਸਿੰਘ ਖੋਖਰ ਧਰਮਪਾਲ ਸਿੰਘ ਸੁਨਾਮ ਅਤੇ ਜ਼ਿਲ੍ਹਾ ਆਗੂ ਘੁਮੰਡ ਸਿੰਘ ਖਾਲਸਾ ਨੇ ਆਖਿਆ ਕਿ ਗਰੀਬਾਂ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮਜ਼ਦੂਰ ਵਿਰੋਧੀ ਸੋਚ ਰੱਖਣ ਵਾਲਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਉਹ ਸਮਾਂ ਬੀਤ ਚੁੱਕਾ ਹੈ ਜਦੋਂ ਦਲਿਤਾਂ ਖ਼ਿਲਾਫ਼ ਜਗੀਰਦਾਰੂ ਸੋਚ ਭਾਰੂ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਮਰਦਖੇੜਾ ਦੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਭਵਿੱਖ ਵਿੱਚ ਵੀ ਪਹਿਰੇਦਾਰੀ ਕੀਤੀ ਜਾਵੇਗੀ।