ਪੁਲਿਸ ਨੂੰ ਮਿਲਿਆ ਖੁਦਕੁਸ਼ੀ ਨੋਟ
ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ਼
ਸੁਨਾਮ : ਸੁਨਾਮ ਸ਼ਹਿਰ ਦੇ ਕੱਚਾ ਪਹਾ ਮੁਹੱਲੇ ਦੇ ਇੱਕ ਘਰ ਵਿੱਚ ਰਹਿੰਦੇ ਇੱਕ ਵਿਅਕਤੀ ਅਤੇ ਉਸ ਦੀ ਮਹਿਲਾ ਦੋਸਤ ਨੇ ਜ਼ਹਿਰੀਲਾ ਪਦਾਰਥ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ ਜਾਇਦਾਦ ਦਾ ਝਗੜਾ ਚੱਲ ਰਿਹਾ ਸੀ। ਪੁਲਿਸ ਦੇ ਹੱਥ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਸੱਤ ਜਣਿਆਂ ਖਿਲਾਫ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ਼ ਕਰ ਲਿਆ ਹੈ। ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਅਤੇ ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਦੱਸਿਆ ਕਿ ਹਾਲ ਹੀ ਵਿੱਚ ਗਗਨਦੀਪ ਗੋਇਲ (32) ਆਪਣੀ ਪ੍ਰੇਮਿਕਾ ਕੋਮਲ ਗਰਗ (23) ਨਾਲ ਇੱਥੋਂ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦਾ ਸੀ। ਬੁੱਧਵਾਰ ਰਾਤ ਨੂੰ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਸੁਨਾਮ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰੰਤੂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਦੋਵਾਂ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਜੋੜੇ ਕੋਲੋਂ ਮਿਲੇ ਸੁਸਾਈਡ ਨੋਟ ਦੇ ਆਧਾਰ 'ਤੇ 7 ਲੋਕਾਂ ਖਿਲਾਫ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਈਡ ਨੋਟ 'ਚ ਮ੍ਰਿਤਕ ਨੇ ਦੋਸ਼ ਲਗਾਇਆ ਹੈ ਕਿ ਕੁੱਝ ਲੋਕਾਂ ਨੇ ਜ਼ਬਰਦਸਤੀ ਉਸ ਦੀ ਜਾਇਦਾਦ ਧੱਕੇ ਨਾਲ ਆਪਣੇ ਨਾਂਅ ਕਰਵਾ ਲਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।