ਹੁਸ਼ਿਆਰਪੁਰ : ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪੰਜਾਬ ਵਿੱਚੋਂ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੇ ਵਿਰੋਧੀ ਨਹੀਂ ਹੋਣਾ ਚਾਹੀਦਾ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਪੰਜਾਬ ਤੇ ਹਿਮਾਚਲ ਦੇ ਲੋਕਾਂ ਵਿੱਚ ਫੁੱਟ ਪਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵ ਬੁੱਧੀਜੀਵੀ ਸ਼ਖਸ਼ੀਅਤ ਅਤੇ "ਸੱਭਿਆਚਾਰ ਸੰਭਾਲ ਸੋਸਾਇਟੀ" ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕੀ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸਥਿਤ ਪਾਵਨ ਗੁਰਧਾਮਾਂ ਦੇ ਦਰਸ਼ਨਾਂ ਲਈ ਅਕਸਰ ਜਾਂਦੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਸੂਬੇ ਅੰਦਰ ਸਿੱਖਾਂ ਨੂੰ ਕੁਝ ਕੁ ਸ਼ਰਾਰਤੀ ਲੋਕਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਲੋਕ ਸਿੱਖ ਯਾਤਰੂਆਂ ਦੇ ਵਾਹਨਾਂ ਉੱਤੇ ਲੱਗੇ ਧਾਰਮਿਕ ਨਿਸ਼ਾਨ ਸਾਹਿਬ ਸਮੇਤ ਹੋਰ ਸਿੱਖ ਨਾਇਕਾਂ ਦੀਆਂ ਤਸਵੀਰਾਂ ਅਤੇ ਝੰਡੇ ਜਬਰੀ ਪੰਜਾਬੀਆਂ ਦੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਤੋਂ ਉਤਾਰ ਰਹੇ ਹਨ। ਇਸ ਨਾਲ ਗੁਰਦੁਆਰਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਵਰਤਾਰਾ ਦੇਸ਼ ਹਿੱਤ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਅੱਜ ਜੇਕਰ ਦੇਸ਼ ਦਾ ਬਹੁ-ਧਰਮੀ ਤੇ ਬਹੁ-ਕੌਮੀ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਸਿੱਖਾਂ ਦੀਆਂ ਦੇਸ਼ ਲਈ ਸ਼ਹਾਦਤਾਂ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਨੂੰ ਆਪਣੇ ਧਰਮ ਦੀਆਂ ਕਦਰਾਂ ਕੀਮਤਾਂ 'ਤੇ ਪਹਿਰਾ ਦੇਣ ਅਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦਿਦਾਰੇ ਕਰਨ ਦਾ ਪੂਰ ਹੱਕ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜਿੰਮੇਵਾਰੀ ਪੂਰੀ ਤਰ੍ਹਾਂ ਨਹੀਂ ਨਿਭਾਅ ਰਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬੇ ਦੇ ਲੋਕਾਂ ਵਿਰੁੱਧ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ।
ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਸ਼ਟ ਤੌਰ 'ਤੇ ਆਖਿਆ ਕਿ ਉਹ ਇਸ ਗੰਭੀਰ ਮੁੱਦੇ 'ਤੇ ਸੰਜੀਦਾ ਪਹੁੰਚ ਅਪਣਾਏ ਅਤੇ ਮਾਹੌਲ ਖਰਾਬ ਕਰਨ ਵਾਲਿਆ ਵਿਰੁੱਧ ਕਾਰਵਾਈ ਕਰੇ। ਉਹਨਾਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਪਸ ਵਿੱਚ ਰਲ ਮਿਲ ਕੇ ਰਹਿਣਾ ਚਾਹੀਦਾ ਹੈ।