ਮੈਰੀਟੋਰੀਅਸ ਟੀਚਰਾਂ ਹੱਕਾਂ ਲਈ ਸੰਘਰਸ਼ ਕਰਦੇ ਹੋਏ
ਸੁਨਾਮ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 30 ਮਾਰਚ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਸੂਬਾਈ ਆਗੂਆਂ ਨੇ ਵੱਖ-ਵੱਖ ਜ਼ਿਲ੍ਹਾ ਇਕਾਈਆਂ ਨਾਲ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੈ ਤਾਂ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਸੰਬੰਧੀ ਪੂਰੇ ਪੰਜਾਬ ਦੇ ਅਵਾਮ ਨੂੰ ਜਾਣੂੰ ਕਰਵਾਇਆ ਜਾ ਸਕੇ ਚੇਤੇ ਰਹੇ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਈ ਹੋਈ ਹੈ। ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਨੂੰ ਲੈਕੇ ਲਾਰਿਆਂ ਨਾਲ ਸਮਾਂ ਲੰਘਾ ਰਹੇ ਹਨ ਕੈਬਨਿਟ-ਸਬ ਕਮੇਟੀ ਵੱਲੋਂ ਮੀਟਿੰਗਾਂ ਵਿੱਚ ਨਿਰੰਤਰ ਲਾਰੇ ਤੇ ਲਾਰੇ ਲਾ ਜਾ ਰਹੇ ਹਨ ਕਿ ਜਲਦ ਤੁਹਾਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਹੁਣ ਮੈਰੀਟੋਰੀਅਸ ਟੀਚਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ। ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਇਸ ਕਰਕੇ ਉਹ 30 ਮਾਰਚ ਨੂੰ ਸੰਗਰੂਰ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ ਇਸ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਦਾ ਪੰਜਾਬ ਸਰਕਾਰ ਨੇ ਮੁੱਲ ਨਹੀਂ ਪਾਇਆ ਮੈਰੀਟੋਰੀਅਸ ਟੀਚਰਜ਼ ਲਗਾਤਾਰ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ ਹੋਇਆ ਹੈ। ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਈ ਦੇਰੀ ਕਰਕੇ ਟੀਚਰਜ਼ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਵਿੱਚ ਹੋਰ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਸਮੇਂ ਮਨੋਜ ਕੁਮਾਰ, ਸੁਖਜੀਤ ਸਿੰਘ, ਵਿਪਨੀਤ ਕੌਰ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਮਨਜਿੰਦਰ ਕੌਰ, ਅਜੈ ਕੁਮਾਰ, ਬੂਟਾ ਸਿੰਘ ਮਾਨ, ਬਲਰਾਜ ਸਿੰਘ, ਹਰਪ੍ਰੀਤ ਸਿੰਘ, ਸਿਮਰਜੀਤ ਕੌਰ, ਐਸ਼ਪ੍ਰੀਤ ਕੌਰ, ਬਿਕਰਮਜੀਤ ਸਿੰਘ ਆਦਿ ਸੂਬਾ ਆਗੂਆਂ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸੰਗਰੂਰ ਵਿਖੇ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।