ਐੱਸ.ਏ.ਐੱਸ ਨਗਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਦੇ ਕੰਮਾਂ ਜਿਵੇਂ ਕਿ ਖੇਡ ਮੈਦਾਨ ਬਣਾਉਣਾ, ਟੋਭਿਆਂ ਦੀ ਸਫਾਈ ਕਰਵਾਉਣ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਦਾ ਸਰਵੇ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਉਪ ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਪ੍ਰੀਸ਼ਦ, ਸਮੂਹ ਬਲਾਕ ਦੇ ਬੀ.ਡੀ.ਪੀ.ਓਜ਼, ਪੰਚਾਇਤ ਸਕੱਤਰਾਂ, ਮਗ-ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਏ.ਡੀ.ਸੀ ਵੱਲੋਂ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਹਰੇਕ ਪਿੰਡ ਦੇ ਟੋਭੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ, ਜਿਨ੍ਹਾਂ ਦੀ ਨਿਗਰਾਨੀ ਡੀ.ਡੀ.ਪੀ.ਓ ਵੱਲੋਂ ਬਤੌਰ ਨੋਡਲ ਅਫ਼ਸਰ ਕੀਤੀ ਜਾਵੇਗੀ। ਇਸੇ ਤਰ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਮਗ-ਨਰੇਗਾ ਸਕੀਮ ਵਿੱਚ ਤਿਆਰ ਕਰਨ ਦੇ ਲਈ ਕਿਹਾ ਗਿਆ ਜਿੰਨ੍ਹਾਂ ਦੀ ਨਿਗਰਾਨੀ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਬਤੌਰ ਨੋਡਲ ਅਫ਼ਸਰ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਦਾ ਸਰਵੇਖਣ 31 ਮਾਰਚ ਤੱਕ ਮੁਕੰਮਲ ਕਰਵਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ-ਨਾਲ ਅਗਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਗ੍ਰਾਮ ਸਭਾ ਇਜਲਾਸ ਸਬੰਧੀ ਪੇਂਡੂ ਵਿਕਾਸ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਗ੍ਰਾਮ ਪੰਚਾਇਤਾਂ ਵਿੱਚ ਇਜਲਾਸ ਕਰਵਾਉਣ ਸਬੰਧੀ ਯੋਗ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ, ਬਲਾਕ ਪੱਧਰ ਉਤੇ ਵੱਖ-ਵੱਖ ਵਿਭਾਗਾਂ ਨੂੰ ਇਜਲਾਸ ਵਿੱਚ ਸ਼ਾਮਿਲ ਹੋਣ ਲਈ ਆਪਣੇ ਪੱਧਰ ਉਤੇ ਪੱਤਰ ਜਾਰੀ ਕੀਤੇ ਜਾਣ।