ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੀਤੀ ਅਣਦੇਖੀ ਤੋਂ ਭੜਕੇ ਪੈਨਸ਼ਨਰਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਐਸਡੀਐਮ ਦਫ਼ਤਰ ਸਾਹਮਣੇ ਬਜ਼ਟ ਦੀਆਂ ਕਾਪੀਆਂ ਫੂਕਕੇ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਦੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੇ ਪੈਨਸ਼ਨਰਾਂ ਵੱਲੋਂ ਰਾਮ ਸਰੂਪ ਢੈਪਈ ਅਤੇ ਜਗਦੇਵ ਸਿੰਘ ਬਾਹੀਆ ਦੀ ਅਗਵਾਈ ਹੇਠ ਇਕੱਠੇ ਹੋਏ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲੇਦਾਰ, ਪ੍ਰਿਤਪਾਲ ਸਿੰਘ ਮਹਿਰੋਕ, ਭੁਪਿੰਦਰ ਸਿੰਘ ਛਾਜਲੀ, ਸੁਰਿੰਦਰ ਸਿੰਘ, ਕ੍ਰਿਸ਼ਨ ਪ੍ਰਤਾਪ ਸਿੰਘ ਅਤੇ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਧੋਖਾ ਕੀਤਾ ਹੈ। ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਬਣਨ ਉਪਰੰਤ ਮੁੱਢੋਂ ਹੀ ਵਿਸਾਰ ਦਿੱਤਾ ਹੈ। ਉਨ੍ਹਾਂ ਸੰਘਰਸ਼ਸ਼ੀਲ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਤਾਂਕਿ ਸਰਕਾਰ ਨੂੰ ਪਤਾ ਲੱਗ ਸਕੇ ਅਗਰ ਲੋਕ ਰਿਕਾਰਡ ਤੋੜ ਬਹੁਮਤ ਦਿਵਾ ਸਕਦੇ ਹਨ ਤਾਂ ਇਹੀ ਲੋਕ ਜਿਹੜਾ ਬੁਰਾ ਹਾਲ ਅਕਾਲੀ ਦਲ ਦਾ ਕਰ ਸਕਦੇ ਹਨ ਉਹੀ ਹਾਲ ਆਮ ਆਦਮੀਆਂ ਦੀ ਪਾਰਟੀ ਕਹਾਉਣ ਵਾਲੀ ਪਾਰਟੀ ਦਾ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਹੱਕ ਮੰਗਦੇ ਲੋਕਾਂ ਨੂੰ ਪੁਲਸੀਆ ਡਾਂਗ ਨਾਲ ਦਬਾ ਰਹੀ ਹੈ ਜਿਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਯਕ ਮੁਸ਼ਤ ਜਾਰੀ ਕੀਤੇ ਜਾਣ ਅਤੇ ਮੰਗ ਪੱਤਰ ਵਿੱਚ ਦਰਜ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕੀਤੀਆਂ ਜਾਣ।