ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਆਮ ਇਜਲਾਸਾਂ ਵਿੱਚ ਗਰਾਮ ਪੰਚਾਇਤਾਂ ਵੱਲੋਂ ਆਉਂਦੇ ਵਿੱਤੀ ਸਾਲ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਦੱਸਿਆ ਜਾਵੇਗਾ। ਖਾਸ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ, ਪਾਰਕ ਅਤੇ ਸਾਰੇ ਟੋਭਿਆਂ ਦੀ ਸਫਾਈ ਕਰਵਾਉਣ ਸਬੰਧੀ ਵੀ ਵਿਚਾਰ ਵਟਾਦਰਾਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਦੂਜੇ ਵਿਭਾਗ ਜੋ ਕਿ ਪਿੰਡਾਂ ਨਾਲ ਸਬੰਧਤ ਹਨ, ਦੇ ਕਰਮਚਾਰੀ/ਅਧਿਕਾਰੀ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਕਰਮਚਾਰੀ ਆਮ ਇਜਲਾਸ ਕਰਵਾਉਣ ਲਈ ਤਾਇਨਾਤ ਕੀਤੇ ਗਏ ਹਨ।