ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੌਕੇ ਮੰਚ ਤੇ ਬੈਠੇ ਮਨਪ੍ਰੀਤ ਸਿੰਘ ਇਯਾਲੀ ਤੇ ਹੋਰ ਮੈਂਬਰ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੇ ਸ਼ਨਿੱਚਰਵਾਰ ਨੂੰ ਮਾਲਵਾ ਦੇ ਪੰਜ ਵਿਧਾਨ ਸਭਾ ਹਲਕਿਆਂ ਸੁਨਾਮ, ਸੰਗਰੂਰ, ਦਿੜ੍ਹਬਾ, ਲਹਿਰਾ ਅਤੇ ਧੂਰੀ ਵਿੱਚ ਭਰਤੀ ਮੁਹਿੰਮ ਦਾ ਆਗਾਜ਼ ਕਰਨ ਲਈ ਸੁਨਾਮ ਸੰਗਰੂਰ ਰੋਡ ਤੇ ਸਥਿਤ ਕੈਲੇਫੋਰਨੀਆ ਰਿਜੋਰਟ ਵਿਖੇ ਭਰਵੀਂ ਮੀਟਿੰਗ ਕੀਤੀ। ਅਕਾਲੀ ਵਰਕਰਾਂ ਦੇ ਹੋਏ ਭਰਵੇਂ ਇਕੱਠ ਮੌਕੇ ਅਕਾਲੀ ਲੀਡਰਸ਼ਿਪ ਨੇ ਵੀ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸੰਗਰੂਰ ਮਾਲੇਰਕੋਟਲਾ ਜ਼ਿਲਿਆਂ ਨਾਲ ਸਬੰਧਿਤ ਦਹਾਕਿਆਂ ਤੋਂ ਧੁਰ ਵਿਰੋਧੀ ਰਹੇ ਅਕਾਲੀ ਆਗੂ ਮੰਚ ਤੇ ਇਕੱਠੇ ਬੈਠੇ ਸਨ। ਅਕਾਲੀ ਦਲ ਦੀ ਭਰਤੀ ਲਈ ਸੱਦੀ ਮੀਟਿੰਗ ਵਿੱਚ ਪਾਰਟੀ ਵਰਕਰਾਂ ਦੇ ਉਤਸ਼ਾਹ ਨੇ ਰੈਲੀ ਦਾ ਰੂਪ ਧਾਰਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਐਡਵੋਕੇਟ ਇਕਬਾਲ ਸਿੰਘ ਝੂੰਦਾਂ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਆਖਿਆ ਕਿ ਸਿੱਖਾਂ ਦੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਲਈ ਉਨ੍ਹਾਂ ਨੂੰ ਆਦੇਸ਼ ਦਿੱਤਾ ਗਿਆ ਸੀ ਲੇਕਿਨ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਉਲੰਘਕੇ ਸੁਖਬੀਰ ਸਿੰਘ ਬਾਦਲ ਦੀ ਜੁੰਡਲੀ ਨੇ ਪਾਰਟੀ ਦੀ ਭਰਤੀ ਸ਼ੁਰੂ ਕਰ ਦਿੱਤੀ ਜਦਕਿ ਜ਼ਿੰਮੇਵਾਰੀ ਸੱਤ ਮੈਂਬਰੀ ਕਮੇਟੀ ਨੂੰ ਦਿੱਤੀ ਗਈ ਸੀ ਜਿਸ ਵਿਚੋਂ ਦੋ ਮੈਂਬਰ ਕਿਨਾਰਾ ਕਰ ਗਏ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਭਰਤੀ ਕਰਨ ਲਈ ਕਿਹਾ ਲੇਕਿਨ ਉਨ੍ਹਾਂ ਨੇ ਖੁਦ ਬੋਗਸ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਐਡਵੋਕੇਟ ਇਕਬਾਲ ਸਿੰਘ ਝੂੰਦਾਂ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਆਖਿਆ ਕਿ ਅਕਾਲੀ ਸਰਕਾਰ ਦੇ ਰਾਜ ਹੋਈਆਂ ਗਲਤੀਆਂ ਅਤੇ ਗੁਨਾਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਮੰਨਿਆ ਲੇਕਿਨ ਬਾਅਦ ਵਿੱਚ ਅਕਾਲ ਤਖ਼ਤ ਸਾਹਿਬ ਨੂੰ ਚੈਲਿੰਜ ਕਰਨਾ ਸ਼ੁਰੂ ਕਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਧੜਿਆਂ ਤੋਂ ਉੱਪਰ ਉੱਠਕੇ ਭਰਤੀ ਕਰਨ ਲਈ ਯਤਨ ਕੀਤੇ ਜਾਣ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਸੀਐਮ ਸੁਰਜੀਤ ਸਿੰਘ ਬਰਨਾਲਾ ਦੇ ਸਪੁੱਤਰ ਗਗਨਜੀਤ ਸਿੰਘ ਬਰਨਾਲਾ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਹਰੀ ਸਿੰਘ ਪ੍ਰੀਤ ਕੰਬਾਈਨ, ਤੇਜਾ ਸਿੰਘ ਕਮਾਲਪੁਰ, ਐਸਜੀਪੀਸੀ ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ ਅਤੇ ਰਾਮਪਾਲ ਸਿੰਘ ਬੈਹਣੀਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਪਾਰਟੀ ਵਰਕਰ ਭਰਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ, ਭਰਤੀ ਬੋਗਸ ਨਾ ਕੀਤੀ ਜਾਵੇ।

ਝੂੰਦਾਂ ਦਾ ਖੁਲਾਸਾ
ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਖੁਲਾਸਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਲਗਾਤਾਰ ਹਾਰ ਤੋਂ ਬਾਅਦ ਹਾਈਕਮਾਨ ਦੁਆਰਾ ਉਨ੍ਹਾਂ ਦੀ ਅਗਵਾਈ ਵਿੱਚ ਬਣਾਈ ਗਈ ਕਮੇਟੀ ਨੇ ਇੱਕ ਸਪੱਸ਼ਟ ਲਿਖਤੀ ਰਿਪੋਰਟ ਦਿੱਤੀ ਸੀ ਕਿ ਪਾਰਟੀ ਦੀ ਲੀਡਰਸ਼ਿਪ ਨੂੰ ਬਦਲਿਆ ਜਾਣਾ ਚਾਹੀਦਾ ਹੈ। ਹਰ ਹਲਕੇ ਦੇ ਵਰਕਰਾਂ ਨੇ ਲੀਡਰਸ਼ਿਪ ਬਦਲਣ ਦੀ ਮੰਗ ਉਠਾਈ ਸੀ। ਪਰ ਉਸਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਅਤੇ ਅੱਜ ਤੱਕ ਉਹ ਰਿਪੋਰਟ ਜਨਤਕ ਨਹੀਂ ਕੀਤੀ ਗਈ। ਝੂੰਦਾਂ ਨੇ ਕਿਹਾ ਕਿ ਇਸ ਤੋਂ ਬਾਅਦ ਵੀ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਸਾਰਿਆਂ ਨੂੰ ਇਕਜੁੱਟ ਕਰਨ ਦਾ ਰਾਹ ਪੱਧਰਾ ਕਰਨ ਦੀ ਬੇਨਤੀ ਕਰਦੇ ਰਹੇ। ਪਰ ਉਸਨੇ ਕੋਈ ਦਿਲਚਸਪੀ ਨਹੀਂ ਦਿਖਾਈ। ਇਸ ਮੌਕੇ ਅਮਨਬੀਰ ਸਿੰਘ ਚੈਰੀ, ਸੁਖਵੰਤ ਸਿੰਘ ਸਰਾਓ, ਗਿਆਨੀ ਨਰੰਜਨ ਸਿੰਘ ਭੁਟਾਲ, ਕਰਨ ਘੁਮਾਣ, ਗੁਰਦੀਪ ਸਿੰਘ ਮਕੋਰੜ, ਪ੍ਰਿਤਪਾਲ ਸਿੰਘ ਹਾਂਡਾ, ਜਸਵਿੰਦਰ ਸਿੰਘ ਪ੍ਰਿੰਸ, ਯਾਦਵਿੰਦਰ ਸਿੰਘ ਨਿਰਮਾਣ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਦਰਜ਼ ਕਰਵਾਈ।