ਕਿਹਾ, ਸਰਕਾਰ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ
ਸੂਬੇ ਦੀਆਂ 1864 ਮੰਡੀਆਂ ’ਚ 124 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਕੈਬਨਿਟ ਮੰਤਰੀ ਚਾਰ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ, ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਲੋੜੀਂਦੇ ਬਾਰਦਾਨੇ ’ਚੋਂ 99 ਫੀਸਦੀ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਢੁਕਵੀਂ ਸਟੋਰੇਜ ਲਈ ਲੋੜੀਂਦੀ ਜਗ੍ਹਾ ਅਤੇ ਕਰੇਟਾਂ ਦਾ ਵੀ ਇੰਤਜ਼ਾਮ ਵੀ ਯਕੀਨੀ ਬਣਾਇਆ ਗਿਆ ਹੈ।
ਫ਼ਸਲ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕੀਤੇ ਗਏ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਫ਼ਸਲ ਦੀ ਵਿਕਰੀ ਕਰ ਸਕਦੇ ਹਨ। ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।
ਜ਼ਿਲ੍ਹਿਆਂ ਦੇ ਖ਼ਰੀਦ ਟੀਚਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ 3.14 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਆਉਣ ਦੀ ਉਮੀਦ ਹੈ, ਜਦਕਿ ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ’ਚ ਕ੍ਰਮਵਾਰ 5.25 ਲੱਖ ਮੀਟਰਕ ਟਨ, 3.61 ਲੱਖ ਮੀਟ੍ਰਿਕ ਟਨ ਅਤੇ 2.64 ਲੱਖ ਮੀਟ੍ਰਿਕ ਟਨ ਫ਼ਸਲ ਦੀ ਆਮਦ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਨੇ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦੀ ਫ਼ਸਲ ਦੇ ਦਾਣੇ-ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਣਕ ਅਤੇ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਯਤਨਾਂ 'ਤੇ ਚਾਨਣਾ ਵੀ ਪਾਇਆ।
ਸਮੀਖਿਆ ਮੀਟਿੰਗ ਦੌਰਾਨ ਸ਼੍ਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਕਿਸਾਨਾਂ ਲਈ ਉਪਲੱਬਧ ਸਹੂਲਤਾਂ ਜਿਵੇਂ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਅਤੇ ਸ਼ੈੱਡ ਆਦਿ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ ਨੂੰ ਇਸ ਸਮੇਂ ਦੌਰਾਨ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇੰਨੇ ਵੱਡੇ ਪੈਮਾਨੇ 'ਤੇ ਖ਼ਰੀਦ ਕਾਰਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਰਾਜ ਦੀ ਸਮਰੱਥਾ 'ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ।