ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਦਰਸ਼ ਸਕੂਲਾਂ ਦੇ ਮਾਮਲੇ ਵਿੱਚ ਇਨਸਾਫ਼ ਕਰਨ ਤੋਂ ਕਿਉਂ ਭੱਜ ਰਹੀ ਹੈ। ਠੇਕੇਦਾਰਾਂ ਦਾ ਪੱਖ ਲੈਣ ਦੀ ਬਜਾਏ ਸਰਕਾਰ ਨੂੰ ਜਨਤਕ ਹਿੱਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਦੀ ਲੋੜ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ। ਸਰਕਾਰ ਦਾ ਧੱਕੇਸ਼ਾਹੀ ਵਾਲਾ ਰਵਈਆ ਜਨਤਕ ਹਿੱਤ ਵਿੱਚ ਉਠਾਈ ਗਈ ਆਵਾਜ਼ ਨੂੰ ਕੁੱਝ ਸਮੇਂ ਲਈ ਹੌਲੀ ਕਰ ਸਕਦਾ ਹੈ ਪਰ ਇਸਨੂੰ ਦਬਾਅ ਨਹੀਂ ਸਕਦਾ। ਇੱਕ ਸਵਾਲ ਦੇ ਜਵਾਬ ਵਿੱਚ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੈਸਲੇ ਮਜ਼ਦੂਰ ਵਰਗ ਦੇ ਹਿੱਤ ਵਿੱਚ ਨਹੀਂ ਹਨ ਸਗੋਂ ਵੱਡੇ ਪੂੰਜੀਪਤੀਆਂ ਦੇ ਵਿੱਤੀ ਹਿੱਤਾਂ ਦੀ ਪੂਰਤੀ ਹੋ ਰਹੀ ਹੈ। ਇਸ ਨਾਲ ਸਮਾਜ ਵਿੱਚ ਅਮੀਰ ਅਤੇ ਗਰੀਬ ਵਿਚਕਾਰ ਪਾੜਾ ਹੋਰ ਵਧੇਗਾ। ਇਹ ਸਮਾਜ ਲਈ ਬਹੁਤ ਖ਼ਤਰਨਾਕ ਸਾਬਤ ਹੋਵੇਗਾ। ਅਜਿਹੀ ਸਥਿਤੀ ਵਿੱਚ ਅਰਾਜਕਤਾ ਫੈਲ ਜਾਵੇਗੀ। ਸਰਕਾਰ ਨੂੰ ਅਜਿਹੇ ਫੈਸਲੇ ਲੈਣ ਤੋਂ ਬਚਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲਗਾਤਾਰ ਮੰਗ ਕਰ ਰਹੀ ਹੈ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਆਮ ਕਾਮਿਆਂ ਦੇ ਹੱਕ ਵਿੱਚ ਫੈਸਲੇ ਲੈਣ। ਇਨ੍ਹਾਂ ਵਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਕੰਮ ਕੀਤਾ ਜਾਣਾ ਚਾਹੀਦਾ ਹੈ। ਪਰ ਇਨ੍ਹਾਂ ਵਰਗਾਂ ਦੇ ਹਿੱਤਾਂ ਦੀ ਬਲੀ ਦੇਣ ਅਤੇ ਪੂੰਜੀਵਾਦੀ ਸੋਚ ਨੂੰ ਉਤਸ਼ਾਹਿਤ ਕਰਨ ਨਾਲ ਦੇਸ਼ ਨੂੰ ਕੋਈ ਲਾਭ ਨਹੀਂ ਹੋਵੇਗਾ। ਦੇਸ਼ ਦੀ ਆਰਥਿਕਤਾ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨਾ ਸਰਾਸਰ ਬੇਇਨਸਾਫ਼ੀ ਹੈ ਇਸਦੇ ਵਿਰੁੱਧ ਲੜਾਈ ਜਾਰੀ ਰੱਖੇਗੀ।