ਸੁਨਾਮ : ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਹੱਕ ਮੰਗਦੇ ਅਧਿਆਪਕਾਂ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਉੱਪਰ ਕੀਤੇ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 12 ਅਪ੍ਰੈਲ ਨੂੰ ਰਾਮਪੁਰਾ ਫੂਲ ਦੀ ਮੰਡੀ ਵਿੱਚ ਵੱਡਾ ਇਕੱਠ ਕਰਕੇ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਉਕਤ ਇਕੱਠ ਵਿੱਚ ਭਰਾਤਰੀ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਬੁੱਧਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾਈ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਆਦਰਸ਼ ਸਕੂਲ ਦੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਸਨ ਇਸੇ ਦੌਰਾਨ ਸੂਬਾ ਸਰਕਾਰ ਦੀ ਸ਼ਹਿ ਤੇ ਪੁਲਿਸ ਨੇ ਧਰਨਾਕਾਰੀਆਂ ਤੇ ਲਾਠੀਚਾਰਜ ਕਰ ਦਿੱਤਾ ਅਧਿਆਪਕਾਵਾਂ ਨੂੰ ਸਮੇਤ ਬੱਚਿਆਂ ਦੇ ਜੇਲਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਅਧਿਆਪਕਾਂ ਦੇ ਹੱਕ ਵਿੱਚ ਆਏ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਆਖਿਆ ਕਿ ਚਾਉਕੇ ਵਿਖੇ ਸਰਕਾਰ ਅਤੇ ਪ੍ਰਾਈਵੇਟ ਕੰਪਨੀ ਦੁਆਰਾ ਸਕੂਲ ਪਿਛਲੇ ਸਮੇਂ ਤੋਂ ਚਲਦਾ ਆ ਰਿਹਾ ਹੈ ਸਰਕਾਰ ਦੀ ਤਰਫੋਂ 70 ਫੀਸਦੀ ਅਤੇ ਪ੍ਰਾਈਵੇਟ ਕੰਪਨੀ ਦੀ ਵੱਲੋਂ 30 ਫ਼ੀਸਦੀ ਹਿੱਸੇ ਅਨੁਸਾਰ ਚਲਾਇਆ ਜਾ ਰਿਹਾ ਹੈ ਸਕੂਲੀ ਬੱਚਿਆਂ ਵਾਸਤੇ ਤਿੰਨ ਸਾਲ ਤੋਂ ਲਗਾਤਾਰ ਵਰਦੀਆਂ, ਕਾਪੀਆਂ, ਕਿਤਾਬਾਂ ਅਤੇ ਲੋੜੀਂਦੇ ਦੇ ਸਮਾਨ ਚੋਂ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਸਰਕਾਰ ਦੇ ਜਬਰ ਖਿਲਾਫ਼ 12 ਅਪ੍ਰੈਲ ਨੂੰ ਰਾਮਪੁਰਾ ਫੂਲ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਇਨਸਾਫ਼ ਪਸੰਦ ਸਮੂਹ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਇਸ ਸੰਘਰਸ਼ ਚ ਸ਼ਾਮਲ ਹੋਵੋ। ਇਸ ਸਮੇਂ ਜ਼ਿਲ੍ਹਾ ਖਜਾਨਚੀ ਬਹਾਲ ਸਿੰਘ ਢੀਡਸਾ, ਕਰਨੈਲ ਸਿੰਘ ਗਨੌਟਾ, ਮਨਜੀਤ ਸਿੰਘ ਘਰਾਚੋਂ, ਰੌਸ਼ਨ ਮੂਣਕ, ਜਸਵੰਤ ਸਿੰਘ ਤੋਲਾਵਾਲ, ਭਰਪੂਰ ਸਿੰਘ ਮੌੜਾਂ, ਰਣਜੀਤ ਸਿੰਘ ਲੌਂਗੋਵਾਲ, ਹਰਬੰਸ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।