Sunday, April 13, 2025

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

April 10, 2025 03:01 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਵੱਖ ਵੱਖ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈਲ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ ਜਾਂ ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੋਵੇਗਾ। ਇਹ ਹੁਕਮ 5 ਜੂਨ 2025 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ 'ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।

ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 5 ਜੂਨ 2025 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ 'ਤੇ ਅਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ਕਿਸੇ ਵੀ ਇਮਾਰਤ, ਜਨਤਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਵੱਖ-ਵੱਖ ਮੌਕਿਆਂ ਆਦਿ 'ਤੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨ ਆਦਿ ਵਿੱਚ ਡੀ.ਜੇ. ਆਰਕੈਸਟਰਾ, ਸੰਗੀਤਕ ਯੰਤਰ ਆਦਿ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ/ਆਵਾਜ਼ੀ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਇਮਾਰਤ ਅਤੇ ਸਥਾਨ ਵਿੱਚ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ।

Have something to say? Post your comment