ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਹੱਕ ਮੰਗਦੇ ਲੋਕਾਂ ਉਪਰ ਤਸ਼ੱਦਦ ਕਰਕੇ ਤਾਨਾਸ਼ਾਹੀ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਸੂਬੇ ਦੀ ਜਨਤਾ ਸਮਾਂ ਆਉਣ ਤੇ ਇਸਦਾ ਜਵਾਬ ਦੇਵੇਗੀ। ਵੀਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਜਨਕ ਸਿੰਘ ਭੁਟਾਲ, ਦਰਬਾਰਾ ਸਿੰਘ ਛਾਜਲਾ ਅਤੇ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਨੇ ਆਖਿਆ ਕਿ ਜ਼ਿਲ੍ਹਾ ਬਠਿੰਡਾ ਦਾ ਪਿੰਡ ਚਾਉਕੇ ਵਿਖੇ ਆਦਰਸ਼ ਸਕੂਲ ਦੇ ਅਧਿਆਪਕ ਅਤੇ ਹੋਰ ਸਟਾਫ਼ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ ਲੇਕਿਨ ਸਰਕਾਰ ਦੀ ਸ਼ਹਿ ਤੇ ਪੁਲਿਸ ਨੇ ਧਰਨਾਕਾਰੀਆਂ ਨੂੰ ਜ਼ਬਰੀ ਚੁੱਕਕੇ ਧਰਨਾ ਚੁਕਵਾ ਦਿੱਤਾ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਹੋਰਨਾਂ ਜਥੇਬੰਦੀਆਂ ਨੇ ਰਾਮਪੁਰਾ ਫੂਲ ਵਿਖੇ ਪ੍ਰਦਰਸ਼ਨ ਕੀਤਾ ਤਾਂ ਪੁਲਿਸ ਨੇ ਕਿਸਾਨਾਂ ਅਤੇ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਕਈ ਅਧਿਆਪਕਾਵਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਜ਼ਬਰ ਦਾ ਜਵਾਬ ਲੋਕ ਸਮਾਂ ਆਉਣ ਤੇ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਜਬਰ ਵਿਰੁੱਧ ਆਉਣ ਵਾਲੀ 12 ਅਪ੍ਰੈਲ ਨੂੰ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਦੀ ਅਨਾਜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਕੇ ਸਰਕਾਰ ਦੇ ਜਬਰ ਦਾ ਡੱਟਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਲਾਲੀ ਦੌਲੇਵਾਲਾ, ਜੀਤ ਸਿੰਘ ਗੰਢੂਆਂ, ਚਰਨਜੀਤ ਕੌਰ ਜਖੇਪਲ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ, ਮਨਜੀਤ ਕੌਰ ਤੋਲਾਵਾਲ ਸਮੇਤ ਹੋਰ ਆਗੂ ਹਾਜ਼ਰ ਸਨ।