ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਤਹਿਤ ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਨਮੋਲ, ਚੀਮਾਂ, ਸ਼ਾਹਪੁਰ ਕਲਾਂ, ਬੀਰਕਲਾਂ, ਚੌਵਾਸ ਜਖੇਪਲ, ਝਾੜੋਂ, ਕੋਟੜਾ ਅਮਰੂ ਅਤੇ ਘਾਸੀਵਾਲਾ ਦੇ ਵਰਕਰਾਂ ਨੂੰ ਮੈਂਬਰਸ਼ਿਪ ਦੀਆਂ ਕਾਪੀਆਂ ਤਕਸੀਮ ਕੀਤੀਆਂ। ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਤਾਕੀਦ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਭਰਤੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਧਾਰ ਕਾਰਡ ਦਾ ਨੰਬਰ ਦਰਜ਼ ਕਰਨਾ ਲਾਜ਼ਮੀ ਹੈ। ਇਸ ਮੌਕੇ ਬੋਲਦਿਆਂ ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਕਿਹਾ ਕਿ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਭਰਤੀ ਮੁਕੰਮਲ ਹੋਣ ਤੋਂ ਬਾਅਦ ਅਕਾਲੀ ਦਲ ਵੱਡੀ ਮਜ਼ਬੂਤੀ ਨਾਲ ਪੁਨਰ ਸੁਰਜੀਤ ਹੋਕੇ ਸਾਹਮਣੇ ਆਵੇਗਾ। ਉਨ੍ਹਾਂ ਬਾਦਲ ਦਲੀਆਂ ਵੱਲੋਂ ਕੀਤੀ ਭਰਤੀ ਨੂੰ ਬੋਗਸ ਕ਼ਰਾਰ ਦਿੰਦਿਆਂ ਕਿਹਾ ਕਿ ਅਜਿਹੇ ਆਪ ਹੁਦਰੇ ਫੈਸਲਿਆਂ ਕਾਰਨ ਹੀ ਅਕਾਲੀ ਦਲ ਅਰਸ਼ ਤੋਂ ਫਰਸ਼ ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਆਪਣੇ ਪਰਿਵਾਰ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਭਰਤੀ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਆਪ ਮੁਹਾਰੇ ਭਰਤੀ ਕਰਨ ਲਈ ਝੂਠ ਬੋਲਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਸਭ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਆਵਾਜ਼ ਉਠਾਈ ਜਦਕਿ ਪ੍ਰਕਾਸ਼ ਸਿੰਘ ਬਾਦਲ ਸਮੇਤ ਉਸ ਸਮੇਂ ਕੇਂਦਰੀ ਵਜਾਰਤ ਵਿੱਚ ਸ਼ਾਮਲ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਿਆ ਸੀ। ਕਿਸਾਨਾਂ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਪਿਆ ਸੀ। ਇਸ ਮੌਕੇ ਡਾਕਟਰ ਰੂਪ ਸਿੰਘ ਸ਼ੇਰੋਂ, ਸੁਖਦੇਵ ਸਿੰਘ ਕੋਟੜਾ ਅਮਰੂ, ਬਲਜੀਤ ਸਿੰਘ ਘਾਸੀਵਾਲਾ, ਦਰਸ਼ਨ ਸਿੰਘ ਕੋਟੜਾ, ਜਥੇਦਾਰ ਲੀਲਾ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।