ਕਿਹਾ ਸਿੱਖਿਆ ਕ੍ਰਾਂਤੀ ਦੇ ਨਾਅਰੇ ਹੇਠ ਡਰਾਮੇਬਾਜ਼ੀ ਕਰ ਰਹੀ ਸਰਕਾਰ
ਸੁਨਾਮ : ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਜਾਂਦੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮੰਗਲਵਾਰ ਨੂੰ ਛਾਜਲੀ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਪੁੱਜੇ ਸਨ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਖੁੱਲਾ ਸੱਦਾ ਪੱਤਰ ਭੇਜਿਆ ਗਿਆ ਸੀ ਪਰੰਤੂ ਪੰਜਾਬ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਿੱਤਾ ਗਿਆ ਜਦਕਿ ਹੋਰਨਾਂ ਲੋਕਾਂ ਨੂੰ ਐਂਟਰੀ ਪਾਸ ਹੋਣ ਦੇ ਬਾਵਜੂਦ ਵੀ ਜ਼ਬਰੀ ਤੌਰ ਤੇ ਰੋਕਿਆ ਗਿਆ। ਪੁਲਿਸ ਨੇ ਜਦੋਂ ਗੋਬਿੰਦ ਸਿੰਘ ਛਾਜਲੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਤਾਂ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਇਸੇ ਦੌਰਾਨ ਪੁਲਿਸ ਨੇ ਮਜ਼ਦੂਰ ਆਗੂ ਨੂੰ ਹਿਰਾਸਤ ਵਿੱਚ ਲੈ ਲਿਆ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਅਰੇ ਹੇਠ ਪਹਿਲਾਂ ਹੀ ਬਣੇ ਹੋਏ ਸਕੂਲਾਂ ਵਿੱਚ ਨੀਂਹ ਪੱਥਰ ਰੱਖਕੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੂੰਬੜਚਾਲਾਂ ਨੂੰ ਸਮਝ ਚੁੱਕੇ ਹਨ।ਉਨ੍ਹਾਂ ਅੱਗੇ ਕਿਹਾ ਕਿ ਮੇਰਾ ਆਪਣਾ ਬੱਚਾ ਇਸ ਸਕੂਲ ਵਿੱਚ ਪੜ੍ਹਦਾ ਹੈ ਸਕੂਲ ਦੇ ਅਧਿਆਪਕ ਵੱਲੋਂ ਮੇਰਾ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਲਈ ਐਂਟਰੀ ਪਾਸ ਬਣਾਇਆ ਗਿਆ ਸੀ ਪਰ ਪੰਜਾਬ ਪੁਲੀਸ ਵੱਲੋਂ ਮੈਨੂੰ ਰੋਕਿਆ ਗਿਆ ਮੇਰੇ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕਾਂ ਨੂੰ ਵੀ ਘਰਾਂ ਨੂੰ ਵਾਪਿਸ ਮੋੜਿਆ ਗਿਆ। ਜਦੋਂ ਮੈਂ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਫੇਰ ਮੈਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਛਾਜਲੀ ਥਾਣੇ ਵਿੱਚ ਲੈ ਗਈ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਸਮਾਂ ਆਉਣ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਿਸਾਬ ਲੈਣਗੇ।