ਕਾਨੂੰਨ ਆਪਣਾ ਰੁਖ ਅਖਤਿਆਰ ਕਰੇਗਾ
ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੰਜਾਬ ਅੰਦਰ ਗ੍ਰਨੇਡ ਬੰਬ ਆਉਣ ਵਾਲੇ ਬਿਆਨ ਦੇਕੇ ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬੀਆਂ ਅਤੇ ਪੁਲਿਸ ਦਾ ਮਨੋਬਲ ਡੇਗਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਪਹਿਲਾਂ ਹੀ ਦੋ ਦਹਾਕਿਆਂ ਤੋਂ ਅੱਤਵਾਦ ਦਾ ਸੰਤਾਪ ਹੰਢਾ ਚੁੱਕਾ ਹੈ। ਮੰਗਲਵਾਰ ਨੂੰ ਸੁਨਾਮ ਨੇੜਲੇ ਪਿੰਡ ਛਾਜਲੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਤੌਰ 'ਤੇ ਦੱਸਣਾ ਚਾਹੀਦਾ ਹੈ ਕਿ ਗ੍ਰਨੇਡ ਬੰਬ ਕਿੱਥੇ ਪਏ ਹਨ ਨਹੀਂ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਬਹਾਦਰੀ ਨਾਲ ਪੰਜਾਬ ਦੀ ਰੱਖਿਆ ਕਰ ਰਹੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ 532 ਕਿਲੋਮੀਟਰ ਦਾ ਇਲਾਕਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਡਰਾਉਣੇ ਬਿਆਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਪੁਲਿਸ ਨੂੰ ਅਯੋਗ ਕਹਿ ਰਹੇ ਹਨ ਤਾਂ ਫਿਰ ਆਪਣੀ ਸੁਰੱਖਿਆ ਲਈ ਪੰਜਾਬ ਪੁਲਿਸ ਕਿਉਂ ਤਾਇਨਾਤ ਕੀਤੀ ਹੈ? ਮੁੱਖ ਮੰਤਰੀ ਨੇ ਕਿਹਾ ਕਿ ਡਿੱਗਦੇ ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਖੇਤਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸਿੰਚਾਈ ਲਈ ਨਹਿਰੀ ਪਾਣੀ ਦੀ ਵਧੇਰੇ ਵਰਤੋਂ ਹੋਵੇਗੀ ਅਤੇ ਪਾਣੀ ਨਾਲ ਜ਼ਮੀਨ ਦੀ ਸਿੰਚਾਈ ਕਰਨ ਦੀ ਜ਼ਰੂਰਤ ਘੱਟ ਹੋਵੇਗੀ। ਉਹ ਇਸ ਸਮੱਸਿਆ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਹਰ ਖੇਤ ਨੂੰ ਨਹਿਰੀ ਪਾਣੀ ਮੁਹਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਨਰਲ ਡਾਇਰ ਦੀ ਪੜਪੋਤੀ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦ ਸਨ ਪਰੰਤੂ ਮਜੀਠੀਆ ਪਰਿਵਾਰ, ਜਿਸਨੇ 13 ਅਪ੍ਰੈਲ, 1919 ਦੀ ਰਾਤ ਨੂੰ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ, ਇਸ ਬਾਰੇ ਬਿਹਤਰ ਕਹਾਣੀ ਦੱਸ ਸਕਦਾ ਹੈ। ਜਲ੍ਹਿਆਂਵਾਲਾ ਬਾਗ ਵਿੱਚ ਖੂਨ ਦੀ ਹਰ ਬੂੰਦ ਵਹਾਉਣ ਵਾਲੇ ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਹਨ ਅਤੇ ਡਾਇਰ ਨੂੰ ਭੋਜਨ ਖੁਆਉਣ ਵਾਲੇ ਜ਼ਾਲਮ ਹਨ। ਇਸ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਜਸਵੀਰ ਸਿੰਘ ਕੁਦਨੀ ਆਦਿ ਆਗੂ ਹਾਜਰ ਸਨ।