ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਗੱਲਬਾਤ ਕਰਦੇ ਹੋਏ
ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਦੀ ਸੁਰੱਖਿਆ ਦੇ ਮੱਦੇਨਜ਼ਰ ਚੁੱਕੇ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਸਮਝਿਆ ਉਲਟਾ ਬੌਖਲਾਹਟ ਵਿੱਚ ਆਈ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਐਫ਼ ਆਈ ਆਰ ਦਰਜ਼ ਕਰ ਦਿੱਤੀ। ਉਨ੍ਹਾਂ ਆਖਿਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਕੋਝੇ ਹਥਕੰਡੇ ਵਰਤ ਰਹੀ ਹੈ। ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕਰਨ ਉਪਰੰਤ ਜਾਰੀ ਬਿਆਨ ਵਿੱਚ ਕਿਹਾ ਕਿ ਸਰਕਾਰ ਨੂੰ ਸੂਬੇ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਜਾਗਰ ਕੀਤੇ ਅਤੀ ਸੰਵੇਦਨਸ਼ੀਲ ਮਾਮਲੇ ਤੇ ਗੌਰ ਕਰਨੀ ਚਾਹੀਦੀ ਸੀ ਲੇਕਿਨ ਸਰਕਾਰ ਨੇ ਸੂਬੇ ਦੀ ਜਨਤਾ ਦਾ ਜਨਤਕ ਮੁੱਦਿਆਂ ਤੋਂ ਧਿਆਨ ਭੜਕਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਤਿੰਨ ਸਾਲ ਬਾਅਦ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਜਿਹੜੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਮ ਤੋੜ ਗਈ। ਇਸ ਤੋਂ ਬਾਅਦ ਸਿੱਖਿਆ ਕ੍ਰਾਂਤੀ ਦਾ ਨਾਮ ਦੇਕੇ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਸਰਕਾਰੀ ਸਕੂਲਾਂ ਵਿੱਚ ਨੀਂਹ ਪੱਥਰ ਰੱਖਣੇ ਸ਼ੁਰੂ ਕੀਤੇ ਇੱਥੋਂ ਤੱਕ ਕਿ ਪਖਾਨਿਆਂ ਦੀ ਮੁਰੰਮਤ ਦਾ ਉਦਘਾਟਨ ਕਰਦਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਤਾਂ ਲੋਕਾਂ ਵਿੱਚ ਚਰਚਾ ਸ਼ੁਰੂ ਹੋ ਗਈ। ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਪਾਰਟੀ ਨੂੰ ਮਾਨਯੋਗ ਅਦਾਲਤ ਉਪਰ ਪੂਰਨ ਭਰੋਸਾ ਹੈ ਅਦਾਲਤ ਤੋਂ ਇਨਸਾਫ ਮਿਲਣ ਉਪਰੰਤ ਬੌਖਲਾਹਟ ਵਿੱਚ ਆਈ ਸੂਬੇ ਦੀ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਇੰਸਪੈਕਟਰ ਬਲਕਾਰ ਸਿੰਘ ਚੌਹਾਨ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।