ਗੁਰਦੁਆਰਾ ਸੱਚਖੰਡ ਦੇ ਨਾਲ ਲੱਗਦੀ ਜ਼ਮੀਨ ਤੇ ਲੋਕਾਂ ਦੀ ਮੰਗ 'ਤੇ ਲਿਆ ਫੈਸਲਾ : ਨਿਸ਼ਾਨ ਸਿੰਘ ਟੋਨੀ
ਸੁਨਾਮ : ਸੁਨਾਮ ਵਿਖੇ ਨਵਾਂ ਬੱਸ ਸਟੈਂਡ ਬਣਾਉਣ ਨੂੰ ਲੈਕੇ ਚੱਲ ਰਹੀਆਂ ਕਿਆਸ ਅਰਾਈਂਆਂ ਨੂੰ ਠੱਲ੍ਹ ਪਾਉਂਦਿਆਂ ਨਗਰ ਕੌਂਸਲ ਨੇ ਮੀਟਿੰਗ ਵਿੱਚ ਬਕਾਇਦਾ ਮਤਾ ਪਾਸ ਕਰਕੇ ਗੁਰਦੁਆਰਾ ਸੱਚਖੰਡ ਸਾਹਿਬ ਦੇ ਨਾਲ ਲੱਗਦੀ ਜ਼ਮੀਨ ਤੇ ਪ੍ਰਵਾਨਗੀ ਦੇ ਦਿੱਤੀ ਹੈ। ਨਵੇਂ ਬੱਸ ਸਟੈਂਡ ਦੀ ਉਸਾਰੀ ਤੇ ਸਵਾ ਨੌਂ ਕਰੋੜ ਰੁਪਏ ਦੀ ਲਾਗਤ ਆਵੇਗੀ। ਸ਼ਹਿਰ ਦੇ ਲੋਕ ਕਾਫ਼ੀ ਸਮੇਂ ਤੋਂ ਬੱਸ ਸਟੈਂਡ ਦੀ ਜਗ੍ਹਾ ਬਾਰੇ ਉਲਝਣ ਵਿੱਚ ਸਨ। ਲੋਕਾਂ ਨੇ ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਬਣਾਕੇ ਵੀ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਇਸ ਸਭ ਕਾਸੇ ਦੇ ਚੱਲਦਿਆਂ ਨਗਰ ਕੌਂਸਲ ਨੇ ਸਾਰੀਆਂ ਅਟਕਲਾਂ ਨੂੰ ਖਤਮ ਕਰਦੇ ਹੋਏ ਗੁਰਦੁਆਰਾ ਸੱਚਖੰਡ ਸਾਹਿਬ ਦੇ ਨਾਲ ਲੱਗਦੀ ਜ਼ਮੀਨ 'ਤੇ ਇਸਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ 'ਤੇ ਲਗਭਗ ਸਵਾ 9 ਕਰੋੜ ਰੁਪਏ ਖਰਚ ਕੀਤੇ ਜਾਣਗੇ। ਨਗਰ ਕੌਂਸਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਦੱਸਿਆ ਕਿ ਨਵੇਂ ਬੱਸ ਅੱਡੇ ਦੀ ਜਗ੍ਹਾ ਅਤੇ ਉਸਾਰੀ ਨੂੰ ਲੈਕੇ ਹਾਊਸ ਦੀ ਮੀਟਿੰਗ ਵਿੱਚ ਹਰੀ ਝੰਡੀ ਦੇ ਦਿੱਤੀ ਗਈ ਹੈ। ਲੋਕ ਨਿਰਮਾਣ ਵਿਭਾਗ ਅਤੇ ਬੀ ਐਂਡ ਆਰ ਵਿਭਾਗ ਵੱਲੋਂ ਇਸਦੀ ਉਸਾਰੀ ਲਈ ਇੱਕ ਯੋਜਨਾ ਤਿਆਰ ਕੀਤੀ ਗਈ ਹੈ। ਇਸ ਯੋਜਨਾ ਨੂੰ ਕੌਂਸਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਨਵੇਂ ਬੱਸ ਅੱਡੇ 'ਤੇ 9 ਕਰੋੜ 16 ਲੱਖ 57 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਜਨਤਕ ਆਵਾਜ਼ ਨੂੰ ਤਰਜੀਹ ਦਿੱਤੀ ਗਈ ਹੈ। ਸੁਨਾਮ ਅਤੇ ਆਲੇ-ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਉਮੀਦ ਸੀ ਕਿ ਬੱਸ ਅੱਡਾ ਬਹੁਤ ਦੂਰ ਨਹੀਂ ਬਣਾਇਆ ਜਾਣਾ ਚਾਹੀਦਾ। ਇਹ ਫੈਸਲਾ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਫੈਸਲੇ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ। ਆਸ ਪਾਸ ਦੇ ਇਲਾਕਿਆਂ ਤੋਂ ਸੁਨਾਮ ਆਉਣ ਵਾਲੇ ਲੋਕ ਆਸਾਨੀ ਨਾਲ ਆਪਣੀ ਮੰਜ਼ਿਲ 'ਤੇ ਪਹੁੰਚ ਸਕਣਗੇ। ਇਹ ਫੈਸਲਾ ਸਾਰਿਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਕਤ ਜ਼ਮੀਨ ਪੁਰਾਣੇ ਬੱਸ ਅੱਡੇ ਦੇ ਬਹੁਤ ਨੇੜੇ ਹੈ। ਉਨ੍ਹਾਂ ਆਖਿਆ ਕਿ ਇਸ ਮੀਟਿੰਗ ਵਿੱਚ ਨਿਰਮਾਣ ਅਧੀਨ ਰੇਲਵੇ ਅੰਡਰ ਬ੍ਰਿਜ ਲਈ ਬਿਜਲੀ ਦੇ ਖੰਭਿਆਂ, ਟਰਾਂਸਫਾਰਮਰਾਂ ਅਤੇ ਲਾਈਨਾਂ ਨੂੰ ਹਟਾਉਣ ਲਈ 21 ਲੱਖ 76 ਹਜ਼ਾਰ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਹਰ ਪੱਖੋਂ ਵਿਕਾਸ ਕਰ ਰਿਹਾ ਹੈ ਅਤੇ ਇਹ ਜਾਰੀ ਰਹੇਗਾ।