ਸੁਨਾਮ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਬੂਥ ਪੱਧਰ ਤੇ ਪੂਰੀ ਤਰ੍ਹਾਂ ਮਜ਼ਬੂਤ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ਼ ਕਰਕੇ ਕਾਂਗਰਸ ਪੰਜਾਬ ਅੰਦਰ ਸਰਕਾਰ ਬਣਾਏਗੀ। ਵੀਰਵਾਰ ਦੇਰ ਸ਼ਾਮ ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੇ ਘਰ ਗੱਲਬਾਤ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾ ਧਰਮ ਨਿਰਪੱਖਤਾ ਤੇ ਪਹਿਰਾ ਦਿੰਦਿਆਂ ਹਰ ਵਰਗ ਦੀ ਭਲਾਈ ਲਈ ਕਾਰਜ਼ ਕੀਤੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਫਿਰਕਿਆਂ ਵਿੱਚ ਵੰਡ ਪਾਕੇ ਰਾਜ ਸੱਤਾ ਤੇ ਕਾਬਜ਼ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਬੂਥ ਪੱਧਰ ਤੇ ਪੂਰੀ ਤਰ੍ਹਾਂ ਮਜ਼ਬੂਤ ਹੈ ਲੀਡਰਸ਼ਿਪ ਇੱਕਜੁੱਟ ਹੋਕੇ ਵਿਰੋਧੀ ਪਾਰਟੀਆਂ ਨੂੰ ਮਾਤ ਦੇਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ। ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਕਿਸਾਨ ਯੂਨੀਅਨਾਂ ਮੁੱਖ ਮੰਤਰੀ ਸਮੇਤ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੱਥਾਂ ਵਿੱਚ ਸਵਾਲ ਪੁੱਛਣ ਜਾਂਦੇ ਹਨ ਲੇਕਿਨ ਪੁਲਿਸ ਪ੍ਰਸ਼ਾਸਨ ਧੱਕਾਮੁੱਕੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਪਾਟੋਧਾੜ ਹੋਕੇ ਆਪਸ ਵਿੱਚ ਹੀ ਉਲਝਿਆ ਹੋਇਆ ਹੈ ਅਜਿਹੇ ਵਿੱਚ ਲੋਕਾਂ ਦੀ ਭਲਾਈ ਕਿਵੇਂ ਸੰਭਵ ਹੋ ਸਕਦੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੇ ਸ਼ਬਦੀ ਹੱਲਾ ਬੋਲਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨੋ ਦਿਨ ਵਿਗੜ ਰਹੀ ਹੈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸਲਾਹ ਤੇ ਗੌਰ ਕਰਨ ਦੀ ਬਜਾਏ ਉਨ੍ਹਾਂ ਦੇ ਖਿਲਾਫ ਹੀ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸ ਮੌਕੇ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਸਾਬਕਾ ਚੇਅਰਮੈਨ ਵਿੱਕੀ ਭਿੰਡਰ, ਗੁਰਭੇਜ ਸਿੰਘ, ਐਡਵੋਕੇਟ ਅਜੇਵੀਰ ਸਿੰਘ ਚਹਿਲ, ਸਾਬਕਾ ਸਰਪੰਚ ਬਲਜਿੰਦਰ ਕੌਰ, ਬਲਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਆਗੂ ਹਾਜ਼ਰ ਸਨ।