Friday, April 25, 2025

Chandigarh

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

April 24, 2025 07:11 PM
SehajTimes

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ

ਚੰਡੀਗੜ੍ਹ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ।

ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਹੋਏ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤੌਰ `ਤੇ ਬਣਾਈ ਜਾਇਦਾਦ ਨੂੰ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਦੂਜਿਆਂ ਨੂੰ ਇਸ ਕੰਮ ਵਿੱਚ ਆਉਣੋਂ ਰੋਕੇ।
ਇਸ ਦੌਰਾਨ ਇਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਚੁਣੇ ਜਾਣ ਵਾਲੇ ਦਿਨ ਤੋਂ ਹੀ 2000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਰਪੰਚਾਂ ਨੂੰ 1200 ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਫੈਸਲਾ ਕਦੇ ਵੀ ਅਮਲ ਵਿੱਚ ਨਹੀਂ ਆਇਆ ਅਤੇ ਸਰਪੰਚਾਂ ਨੂੰ ਇਸ ਇੱਧਰ-ਉੱਧਰ ਭਟਕਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 2000 ਰੁਪਏ ਦਾ ਇਹ ਮਾਣ-ਭੱਤਾ ਨਿਯਮਤ ਅਤੇ ਸਥਾਈ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਜਮਹੂਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ, ਜੋ ਪੇਂਡੂ ਖੇਤਰਾਂ ਦੀ ਤਬਦੀਲੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਨ੍ਹਾਂ ਨੇ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਅਤੇ ਸਰਪੰਚ ਸੂਬਾ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਉਹ ਜ਼ਮੀਨੀ ਪੱਧਰ `ਤੇ ਜਨਤਾ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਸਾਰੇ ਸਰਪੰਚਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਬਹੁਤ ਸੁਹਿਰਦਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਸਮਝਿਆ ਜਾਂਦਾ ਹੈ ਕਿਉਂ ਜੋ ਉਨ੍ਹਾਂ ਵੱਲੋਂ ਲਏ ਫੈਸਲਿਆਂ ਨੂੰ ਸਮੁੱਚੇ ਪਿੰਡਾਂ ਦੁਆਰਾ ਅਦਬ ਨਾਲ ਸਵੀਕਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਨੂੰ ਤਾਕਤ ਦਿੱਤੀ ਹੈ ਤਾਂ ਲੋਕਾਂ ਦੀ ਇੱਛਾਵਾਂ ਅਤੇ ਹਿੱਤਾਂ ਦੀ ਪੂਰਤੀ ਕਰਨਾ ਇਹ ਸਰਪੰਚਾਂ ਦਾ ਫ਼ਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਸੰਸਥਾਵਾਂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਉਤੇ ਪਹੁੰਚਾਉਣ ਲਈ ਸਭ ਤੋਂ ਵੱਧ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕਦੀਆਂ ਹਨ, ਜਦਕਿ ਸਰਪੰਚ ਤੇ ਪੰਚ ਜ਼ਮੀਨੀ ਪੱਧਰ ਉਤੇ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸਾਰੇ ਸਰਪੰਚਾਂ ਨੂੰ ਵਿਕਾਸ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਨੂੰ ਤਨਦੇਹੀ ਨਾਲ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਖਲਅੰਦਾਜ਼ੀ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿੰਡਾਂ ਵਿੱਚ ਧੜੇਬੰਦੀ ਕਾਰਨ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚ ਧੜੇਬੰਦੀ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਪ੍ਰਾਪਤ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਉਹ ਸਰਪੰਚ ਪੂਰੇ ਪਿੰਡ ਦਾ ਚੁਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਨੂੰ ਹਰੇਕ ਪਿੰਡ ਵਾਸੀ ਨਾਲ ਬਰਾਬਰ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਫੈਸਲੇ ਨਿਰਪੱਖਤਾ ਨਾਲ ਲੈਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਪਿੰਡਾਂ ਦੇ ਸਰਪੰਚਾਂ ਨੇ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਣੇ ਸਰਪੰਚਾਂ ਨੂੰ ਸਰਬਸੰਮਤੀ ਨਾਲ ਚੁਣਿਆ ਹੈ ਤਾਂ ਜੋ ਇਕ ਪਾਸੇ ਪਿੰਡਾਂ ਵਿੱਚ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਦੂਜੇ ਪਾਸੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚ ਸਰਕਾਰ ਅਤੇ ਪਿੰਡਾਂ ਦਰਮਿਆਨ ਪੁਲ ਹਨ, ਜਿਸ ਕਰ ਕੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਦੇ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਨੂੰ ਸੁਰਜੀਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਛੱਪੜਾਂ ਦੀ ਸਫਾਈ ਕਰਨਾ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਢੁਕਵੀਂ ਯੋਜਨਾ ਤਿਆਰ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਖੇਤੀਬਾੜੀ ਦੇ ਉਦੇਸ਼ਾਂ ਲਈ ਸਹੀ ਢੰਗ ਨਾਲ ਵਰਤਿਆ ਜਾਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ `ਤੇ ਬੋਝ ਘਟਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਸੂਬੇ ਦੀ ਸੇਵਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 75 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਸਿੰਜਾਈ ਲਈ ਵਰਦਾਨ ਹੈ ਕਿਉਂਕਿ ਇਹ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਬਿਜਲੀ ਦੇ ਬੋਝ ਨੂੰ ਵੀ ਘਟਾਉਂਦਾ ਹੈ, ਜਿਸ ਨਾਲ ਸੂਬਾ ਸਰਕਾਰ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੇ ਯੋਗ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਹਜ਼ਾਰਾਂ ਖਾਲਿਆਂ ਅਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲ ਤੱਕ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਕਈ ਬਲਾਕਾਂ ਵਿੱਚ ਧਰਤੀ ਹੇਠਲਾ ਪਾਣੀ ਇਕ ਮੀਟਰ ਤੱਕ ਵੀ ਉੱਪਰ ਵੱਲ ਵਧਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕੈਟਾਗਰੀਆਂ ਵਿੱਚ ਪੰਚਾਇਤ ਦੀ ਪ੍ਰਗਤੀ ਬਾਰੇ ਸੂਚਕ ਅੰਕ ਵਿੱਚ ਸਭ ਤੋਂ ਵੱਧ ਅੰਕ ਲੈ ਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਬਠਿੰਡਾ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਬੱਲ੍ਹੋ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ।

ਇਸ ਤੋਂ ਇਲਾਵਾ ਵੱਖ-ਵੱਖ ਕੈਟਾਗਰੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਨੌਂ ਪੰਚਾਇਤਾਂ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੀ ਮੁੱਖ ਮੰਤਰੀ ਨੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਸਵੈ-ਸਹਾਇਤਾ ਗਰੁੱਪ ਅਤੇ ਪੰਚਾਇਤ ਸਕੱਤਰਾਂ ਦਾ ਵੀ ਸਨਮਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਐਸ ਐਸ ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

‘ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪਹਿਲਗਾਮ ਵਿੱਚ ਸ਼ਹੀਦ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮੋਹਾਲੀ ਵਿੱਚ ਕੱਢੇ ਕੈਂਡਲ ਮਾਰਚ ਦੀ ਬਲਬੀਰ ਸਿੱਧੂ ਨੇ ਕੀਤੀ ਅਗਵਾਈ

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਬਰਿੰਦਰ ਕੁਮਾਰ ਗੋਇਲ ਵੱਲੋਂ ਪਹਿਲਗਾਮ ਅਤਿਵਾਦੀ ਹਮਲੇ ਦੀ ਕਰੜੀ ਨਿੰਦਾ

ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਘਿਣਾਉਣੀ ਘਟਨਾ ਬੇਹੱਦ ਨਿੰਦਨਯੋਗ : ਹਰਚੰਦ ਸਿੰਘ ਬਰਸਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ 'ਤੇ ਦੁੱਖ ਪ੍ਰਗਟਾਇਆ

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਏ.ਡੀ.ਸੀ. ਵੱਲੋਂ  ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ