ਕਿਹਾ, ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਕੀਤੇ ਜਾ ਰਹੇ ਹਨ ਸੁਧਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ, ਅਨੁਰਾਗ ਵਰਮਾ ਨੇ ਅੱਜ ਸਥਾਨਕ ਵਸੀਕਾ ਨਵੀਸਾਂ ਨਾਲ ਇੱਕ ਮੀਟਿੰਗ ਕੀਤੀ ਤਾਂ ਜੋ ਵਸਿਕਿਆਂ ਦੀ ਰਜਿਸਟ੍ਰੇਸ਼ਨ ਵਿੱਚ ਆਉਂਦੀਆਂ ਮੁਸ਼ਕਿਲਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਲੋਕਾਂ ਦੀ ਸਹੂਲਤ ਅਤੇ ਸਰਲਤਾ ਲਈ ਵੱਖ-ਵੱਖ ਸੁਧਾਰ ਕੀਤੇ ਜਾ ਸਕਣ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਮਾਲ ਅਤੇ ਮੁੜ ਵਸੇਬਾ ਵਿਭਾਗ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਦੇ ਨਾਲ-ਨਾਲ ਕੰਮ-ਕਾਜੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਜਨਤਾ ਦੀ ਸਹੂਲਤ ਲਈ ਵੱਡੀਆਂ ਪਹਿਲਕਦਮੀਆਂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਅਤੇ ਤਹਿਸੀਲ ਦਫਤਰਾਂ ਵਿੱਚ ਰਜਿਸਟਰ ਹੋਣ ਵਾਲੇ ਵਸੀਕਿਆਂ ਅਤੇ ਦਸਤਾਵੇਜ਼ਾਂ ਦੀ ਸਮੇਂ ਸਿਰ ਡਿਲੀਵਰੀ 'ਤੇ ਕੇਂਦ੍ਰਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਮੌਜੂਦਾ ਵਸੀਕਾ ਰਜਿਸਟ੍ਰੇਸ਼ਨ ਦੇ ਕੰਮ ਨੂੰ ਸਰਲ ਬਣਾਉਣ ਨਾਲ ਜਨਤਾ ਨੂੰ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇਹ ਸੁਧਾਰ ਵਸੀਕਾ ਨਵੀਸਾਂ ਲਈ ਵੀ ਮਦਦਗਾਰ ਹੋਣਗੇ।
ਵਧੀਕ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਨਵੇਂ ਸੁਧਾਰਾਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਅਜਿਹੇ ਫੀਡਬੈਕ ਲੈ ਕੇ ਇੱਕ ਵਿਸਥਾਰਤ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ, ਹੋਰ ਸੁਧਾਰ ਕਰਨ ਦੀ ਗੁੰਜਾਇਸ਼ ਬਣੀ ਰਹੇਗੀ।
ਉਨ੍ਹਾਂ ਨੇ ਵਸੀਕਾ ਨਵੀਸਾਂ ਨੂੰ ਪੰਜਾਬ ਲੈਂਡ ਰੈਵੇਨਿਊ ਸੋਸਾਇਟੀ ਦੀ ਵੈੱਬਸਾਈਟ 'ਤੇ ਫਰਦਾਂ ਦੀ ਔਨਲਾਈਨ ਪ੍ਰਾਪਤੀ ਬਾਰੇ ਵੀ ਜਾਣੂ ਕਰਵਾਇਆ ਜੋ ਕਿ ਫਰਦ ਕੇਂਦਰ ਵਿੱਚ ਤਿਆਰ ਅਸਲੀ ਫਰਦਾਂ ਵਜੋਂ ਮਾਨਤਾ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲ ਰਜਿਸਟ੍ਰੇਸ਼ਨ ਦੀ ਮੌਜੂਦਾ ਪ੍ਰਣਾਲੀ ਦੇ ਕੰਮ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੀ ਹੈ, ਜਿਸ ਦਾ ਉਦੇਸ਼ ਜਨਤਕ ਸਹੂਲਤ ਲਈ ਵੱਖ-ਵੱਖ ਸੁਧਾਰ ਪੇਸ਼ ਕਰਨਾ ਹੈ, ਜਿਨ੍ਹਾਂ ਦਾ ਉਦੇਸ਼ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ, ਕੰਮ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਉਨ੍ਹਾਂ ਦਾ ਕੀਮਤੀ ਸਮਾਂ ਬਚਾਉਣਾ ਹੈ।
ਮੀਟਿੰਗ ਵਿੱਚ ਮੌਜੂਦ, ਐਡਵੋਕੇਟ ਰਜਿੰਦਰ ਪਾਲ ਸਿੰਘ ਆਨੰਦ ਅਤੇ ਐਡਵੋਕੇਟ ਮਨਜੀਤ ਸਿੰਘ ਸਿੱਧੂ, ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਜਨਤਾ ਲਈ ਲਾਭਦਾਇਕ ਹੋਵੇਗਾ।
ਮੀਟਿੰਗ ਵਿੱਚ ਮਾਲ ਅਤੇ ਮੁੜ ਵਸੇਬਾ ਸਕੱਤਰ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਵੀ ਮੌਜੂਦ ਸਨ।