ਸੁਨਾਮ : ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਐਸ ਪੀ (ਐਚ) ਦਿਲਪ੍ਰੀਤ ਸਿੰਘ, ਆਈਪੀਐਸ ਨਾਲ ਮੁਲਾਕਾਤ ਕੀਤੀ। ਇਸੇ ਦੌਰਾਨ ਐਸ ਪੀ ਨੂੰ ਕੈਮਿਸਟ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਰਕਾਰ ਦੀ ਜੰਗ ਨਾਲ ਚੱਟਾਨ ਵਾਂਗ ਖੜ੍ਹੀ ਹੈ। ਐਸਪੀ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਦੇ ਗਰੀਬ ਅਤੇ ਲੋੜਵੰਦ ਵਰਗਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਦੀ ਲੋੜ ਹੈ। ਇਸ ਲਈ ਉਹ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਦਵਾਈਆਂ ਵੰਡਣ ਦੀ ਮੁਹਿੰਮ ਸ਼ੁਰੂ ਕਰਨਗੇ ਅਤੇ ਇਸ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਸਹਿਯੋਗ ਦੀ ਲੋੜ ਹੋਵੇਗੀ। ਐਸਪੀ ਨੇ ਕਿਹਾ ਕਿ ਬਹੁਤ ਸਾਰੇ ਮਰੀਜ਼ ਦਵਾਈਆਂ ਖਰੀਦਣ ਦੇ ਯੋਗ ਨਹੀਂ ਹੁੰਦੇ ਅਤੇ ਜੇਕਰ ਕੈਮਿਸਟ ਐਸੋਸੀਏਸ਼ਨ ਅਜਿਹੇ ਮਰੀਜ਼ਾਂ ਨੂੰ ਦਵਾਈਆਂ ਉਪਲਬਧ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਵੇ ਤਾਂ ਇੱਕ ਬਿਹਤਰ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕੈਮਿਸਟ ਜਾਂ ਕੋਈ ਹੋਰ ਵਿਅਕਤੀ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਦਵਾਈਆਂ ਵੇਚਦਾ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਆਗੂ ਅਜਾਇਬ ਸੈਣੀ, ਤਰਲੋਕ ਗੋਇਲ, ਦੀਪਕ ਮਿੱਤਲ, ਹਿਮਾਂਸ਼ੂ ਜਿੰਦਲ ਮੌਜੂਦ ਸਨ।