ਨਵੀ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨੀ ਸੰਘਰਸ਼ ਚਲਦਿਆਂ ਨੂੰ 8 ਮਹੀਨਿਆਂ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋਈ। ਹੁਣ ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ‘ਸੰਪੂਰਨ ਕ੍ਰਾਂਤੀ ਦਿਵਸ’ ਮਨਾਉਣਗੇ। ਸੰਯੁਕਤ ਕਿਸਾਨ ਮੋਰਚਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਥੇ ਦਸ ਦਈਏ ਕਿ ਕੇਂਦਰ ਦੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ ਆਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਪ੍ਰਦਰਸ਼ਨ ’ਚ ਸ਼ਾਮਲ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਪਿਛਲੇ ਸਾਲ ਸਰਕਾਰ ਨੇ 5 ਜੂਨ ਨੂੰ ਹੀ ਆਰਡੀਨੈਂਸ ਦੇ ਤੌਰ ’ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੇਸ਼ ਕੀਤਾ ਸੀ ਅਤੇ ਅਸੀਂ ਇਸ ਨੂੰ ਰੱਦ ਕਰਵਾਏ ਬਗੈਰ ਪਿਛੇ ਨਹੀਂ ਹਟਾਂਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ ਦੇਸ਼ ਭਰ ’ਚ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਸਫ਼ਲ ਰਹੇਗਾ। ਉਨ੍ਹਾਂ ਹੋਰ ਕਿਹਾ ਕਿ ਅਸੀਂ ਦੇਸ਼ ਵਸੀਆਂ ਖਾਸ ਕਰ ਕੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਭਾਜਪਾ ਸੰਸਦ ਮੈਂਬਰਾਂ, ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ 5 ਤਰੀਕ ਨੂੰ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਵਾ ਕਰਨ।