ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਵਿਧਾਇਕ ਪਿਰਮਲ ਸਿੰਘ ਧੌਲਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋਣ ਵਾਲੇ ਸਨ, ਉਸ ਸਮੇਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਤਿੰਨੇ ਜਣੇ ਕਾਂਗਰਸ ਵਿਚ ਸ਼ਾਮਲ ਹੋ ਗਏ। ਦਸਿਆ ਗਿਆ ਹੈ ਕਿ ਇਨ੍ਹਾਂ ਦੀ ਕਾਂਗਰਸ ਵਿਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਸੂਬੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਵੀ ਮੌਜੂਦ ਸਨ। ਸੁਖਵਾਲ ਸਿੰਘ ਖਹਿਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਹਰੀਸ਼ ਰਾਵਤ ਦਾ ਧਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਲਈ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਬਹੁਤ ਸੋਚ-ਸਮਝ ਕੇ ਕੀਤਾ ਹੈ। ਖਹਿਰਾ ਨੇ ਕਿਹਾ ਕਿ ਇਸ ਵੇਲੇ ਅਕਾਲੀਆਂ ਵਿਰੁਧ ਸਭ ਨੂੰ ਮਿਲ ਕੇ ਲੜਨਾ ਚਾਹੀਦਾ ਹੈ। ਇਸੇ ਸੋਚ ਨਾਲ ਉਹ ਕਾਂਗਰਸ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਵਿਚ ਕੋਈ ਇਨਸਾਫ਼ ਦਿਵਾ ਸਕਦਾ ਹੈ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਹੀ ਹਨ। ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਰਾਜ ਵਿਚ ਅਕਾਲੀਆਂ ਨੇ ਮੋਟੀ ਕਮਾਈ ਕੀਤੀ ਹੈ। ਕੋਈ ਸੂਬਾ ਨਹੀਂ ਹੋਵੇਗਾ ਜਿਥੇ ਇਨ੍ਹਾਂ ਦਾ ਫ਼ਾਰਮ ਹਾਊਸ ਨਾ ਹੋਵੇ। ਖਹਿਰਾ ਨੇ ਆਖਿਆ ਕਿ ਅੱਜ ਇਨ੍ਹਾਂ ਵਿਰੁਧ ਇਕੱਠੇ ਹੋ ਕੇ ਲੜਨ ਦਾ ਸਮਾਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਬਹੁਤ ਵੱਡੀ ਗ਼ਲਤੀ ਸੀ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਫ਼ਰਜ਼ੀ ਇਨਕਲਾਬੀ ਦਸਿਆ।