ਮੋਹਾਲੀ : ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫ਼ੇ਼ਜ਼ 6 ਵਿਚ ਕੋਵਿਡ ਮਰੀਜ਼ਾਂ ਲਈ ਲੈਵਲ—1 ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ। ਦਾਰਾ ਸਟੂਡੀਊ ਲਾਗੇ ਪੈਂਦੇ ਰੈਣ ਵਸੇਰੇ ਵਿਚ ਖੋਲ੍ਹੇ ਗਏ ਇਸ ਕੇਂਦਰ ਵਿਚ ਫਿ਼ਲਹਾਲ 20 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦਸਿਆ ਕਿ ਇਸ ਕੇਂਦਰ ਵਿਚ ਮਰੀਜ਼ਾਂ ਦੀ ਜਲਦ ਸਿਹਤਯਾਬੀ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਭਧ ਹੋਣਗੀਆਂ।ਜਿਥੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ, ਮੈਡੀਕਲ ਆਕਸੀਜਨ, ਤਿੰਨ ਵਕਤ ਦਾ ਖਾਣਾ, ਸਾਫ਼ ਪਾਣੀ, ਸਾਫ਼ ਬਿਸਤਰੇ ਆਦਿ ਮਿਲਣਗੇ, ਉਥੇ ਉਨ੍ਹਾਂ ਨੂੰ ਰਹਿਣ ਵਾਸਤੇ ਬਿਲਕੁਲ ਘਰ ਵਰਗਾ ਮਾਹੌਲ ਵੀ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਡਾਕਟਰ ਤੇ ਨਰਸਿੰਗ ਸਟਾਫ਼ ਮਰੀਜ਼ਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹੇਗਾ।ਸਿਹਤ ਮੰਤਰੀ ਨੇ ਦਸਿਆ ਕਿ ਇਸ ਕੇਂਦਰ ਨੂੰ ਖੋਲ੍ਹਣ ਵਿਚ ਮਿਹਰ ਫ਼ਾਊਂਡੇਸ਼ਨ ਨੇ ਸਹਿਯੋਗ ਦਿਤਾ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਇਸ ਮਾੜੇ ਦੌਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਯਕੀਨੀ ਕਰਨਾ ਹੈ ਜਿਸ ਵਾਸਤੇ ਸਮੁੱਚਾ ਪ੍ਰਸ਼ਾਸਨ ਪੂਰੀ ਮਿਹਨਤ ਅਤੇ ਲਗਨ ਨਾਲ ਡਟਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿਤੀਆਂ ਜਾ ਰਹੀ ਮਿਆਰੀ ਅਤੇ ਉਤਮ ਸਿਹਤ ਸਹੂਲਤਾਂ ਸਦਕਾ ਅੱਜ ਸੂਬੇ ਵਿਚ ਨਵੇਂ ਕੋਵਿਡ ਕੇਸਾਂ ਅਤੇ ਮੌਤਾਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ, ਇਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਅਤੇ ਵਾਰ—ਵਾਰ ਹੱਥ ਧੋਣ ਜਿਹੀਆਂ ਬੁਨਿਆਦੀ ਸਾਵਧਾਨੀਆਂ ਦੀ ਪੂਰੀ ਸਿ਼ੱਦਤ ਨਾਲ ਪਾਲਣਾ ਕੀਤੀ ਜਾਵੇ ਤਾਕਿ ਇਸ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਅਤੇ ਛੇਤੀ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਲਈ ਪੂਰੀ ਤਰ੍ਹਾਂ ਫਿ਼ਕਰਮੰਦ ਹੈ ਅਤੇ ਉਨ੍ਹਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਹੀ ਹੈ।ਸ. ਸਿੱਧੂ ਨੇ ਆਖਿਆ ਕਿ ਜਿਥੇ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਜ਼ੋਰ—ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਕੋਵਿਡ ਸੈਂਪਲਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਤਮਾਮ ਸਾਵਧਾਨੀਆਂ ਦੀ ਵਰਤੋਂ ਕਰਨ ਤਾਕਿ ਇਸ ਬੀਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਸਿਹਤ ਮੰਤਰੀ ਦੇ ਬੇਟੇ ਅਤੇ ਜਿ਼ਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ,ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਿਹਰ ਫ਼ਾਊਂਡੇਸ਼ਨ ਤੋਂ ਸ੍ਰੀ ਗਗਨ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸ.ਐਮ.ਓ. ਡਾ. ਐਚ.ਐਸ.ਚੀਮਾ ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ ਮੌਜੂਦ ਸਨ।
ਫ਼ੋਟੋ ਕੈਪਸ਼ਨ : ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕਰਨ ਸਮੇਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ।