ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਕਿਸਾਨੀ-ਧਰਨਿਆਂ ਦੇ 247ਵੇਂ ਦਿਨ ਵੀ ਰੋਹ ਭਰਪੂਰ ਜਾਰੀ ਰਹੇ।
ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਕਿਸਾਨ-ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਜੂਨ ਨੂੰ 'ਸੰਪੂਰਨ ਕ੍ਰਾਂਤੀ ਦਿਹਾੜਾ' ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਖੇਤੀ-ਕਾਨੂੰਨਾਂ ਨੂੰ ਲਿਆਉਣ ਦੇ 1 ਸਾਲ ਪੂਰਾ ਹੋਣ 'ਤੇ ਰੋਸ ਵਜੋਂ ਪੂਰੇ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ, ਐਸਡੀਐਮ ਦਫ਼ਤਰਾਂ ਅਤੇ ਜਿਲ੍ਹਾ ਪੱਧਰ 'ਤੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।ਕੇਂਦਰ-ਸਰਕਾਰ ਵੱਲੋਂ ਲਿਆਂਦੇ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ-ਜਥੇਬੰਦੀਆਂ ਪਿੰਡ-ਪਿੰਡ ਮੁਜ਼ਾਹਰਿਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ।
ਮਾਨਸਾ ਜਿਲ੍ਹੇ ਦੇ ਪਿੰਡ ਫਫੜੇ-ਭਾਈਕੇ 'ਚ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਆਪਣੇ ਨਿਰਧਾਰਤ ਦੌਰੇ 'ਤੇ ਨਹੀਂ ਪਹੁੰਚ ਸਕੇ। ਕਿਸਾਨਾਂ ਨੇ ਜਾਣਕਾਰੀ ਮਿਲਦਿਆਂ ਹੀ ਪਿੰਡ ਦੀ ਨਾਕੇਬੰਦੀ ਕਰ ਦਿੱਤੀ ਸੀ, ਖ਼ਬਰ ਲਿਖ਼ੇ ਜਾਣ ਤੱਕ ਨਾਕੇਬੰਦੀ ਜਾਰੀ ਸੀ ਅਤੇ ਸਾਂਪਲਾ ਪਿੰਡ 'ਚ ਨਹੀਂ ਪਹੁੰਚ ਸਕੇ ਸਨ। ਭਾਰਤੀ ਕਿਸਾਨ ਯੂਨੀਅਨ(ਏਕਤਾ-ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਲੜੇ ਜਾ ਰਹੇ ਸੰਘਰਸ਼ ਨੂੰ ਢਾਹ ਲਾਉਣ ਲਈ ਭਾਜਪਾ ਨੂੰ ਅਚਾਨਕ ਦਲਿਤਾਂ ਦਾ ਹੇਜ ਜਾਗ ਪਿਆ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਘੋਲ ਸਾਰੇ ਤਬਕਿਆਂ ਲਈ ਹੈ, ਦਲਿਤ ਭਾਈਚਾ ਨੂੰ ਭਾਜਪਾਂ ਦੀਆਂ ਫੁੱਟ ਪਾਊ ਸਾਜਿਸ਼ਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਕਿਸਾਨੀ ਸੰਘਰਸ਼ ਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸਾਰੇ ਵਰਗਾਂ ਨੂੰ ਏਕਤਾ ਬਣਾ ਕੇ ਰੱਖਣੀ ਚਾਹੀਦੀ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਉਂਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ। ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ। ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਵੱਡੇ ਪੱਧਰ ’ਤੇ ਘਰੇਲੂ ਉਦਯੋਗ ਤਬਾਹ ਹੋ ਜਾਣਗੇ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।
ਕਿਸਾਨ-ਆਗੂਆਂ ਨੇ ਦੱਸਿਆ ਕਿ 6 ਜੂਨ, 2017 ਨੂੰ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਸਰਕਾਰ ਸਾਹਮਣੇ ਆਪਣੀਆਂ ਮੁਢਲੀਆਂ ਮੰਗਾਂ ਅੱਗੇ ਰੱਖਣ ਲਈ ਵਿਰੋਧ ਪ੍ਰਦਰਸ਼ਨ ਕਰਨ' ਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀ-ਕਾਂਡ 'ਚ 6 ਕਿਸਾਨ ਸ਼ਹੀਦ ਹੋਏ ਅਤੇ ਸੈਂਕੜੇ ਜ਼ਖਮੀ ਹੋਏ ਸਨ। ਉਸ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਦੇਸ਼ ਭਰ ਵਿੱਚ ਕਿਸਾਨਾਂ ਦਾ ਤਾਲਮੇਲ ਸਥਾਪਤ ਹੋਇਆ। ਉਨ੍ਹਾਂ ਸਮੂਹ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ 6 ਜੂਨ ਨੂੰ ਕਿਸਾਨ ਆਗੂ ਮੰਦਸੌਰ ਵਿਖੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ 6 ਜੂਨ ਨੂੰ ਇਸ ਅੰਦੋਲਨ ਦੇ ਅਤੇ ਮੰਦਸੌਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਇੱਕ ਪ੍ਰਣ ਲੈਣ ਕਿ ਕਿਸਾਨ ਕਿਸੇ ਵੀ ਪੁਲਿਸ ਕਾਰਵਾਈ ਤੋਂ ਨਹੀਂ ਡਰਨਗੇ ਅਤੇ ਕਿਸਾਨ ਸੰਘਰਸ਼ ਜਾਰੀ ਰੱਖਣਗੇ।
ਕਿਸਾਨ-ਆਗੂਆਂ ਨੇ ਹਰਿਆਣਾ ਦੇ ਟੋਹਾਣਾ ਤੋਂ ਵਿਧਾਇਕ ਦਵੇਂਦਰ ਬਬਲੀ ਵੱਲੋਂ ਕਿਸਾਨਾਂ ਲਈ ਵਰਤੀ ਮਾੜੀ ਸ਼ਬਦਾਵਲੀ ਖ਼ਿਲਾਫ਼ ਰੋਸ ਪ੍ਰਗਟਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕੇਸ ਦਰਜ਼ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਭਾਜਪਾ ਦੀ ਖੱਟੜ-ਸਰਕਾਰ ਕਿਸਾਨਾਂ 'ਤੇ ਜ਼ਬਰ ਕਰਨਾ ਬੰਦ ਕਰੇ, ਨਹੀਂ ਤਾਂ ਮੁੱਖ ਮੰਤਰੀ ਖੱਟੜ ਖ਼ਿਲਾਫ਼ ਜਥੇਬੰਦੀਆਂ ਵੱਲੋਂ ਮੋਰਚਾ ਖੋਲ੍ਹਿਆ ਜਾਵੇਗਾ।