ਚੰਡੀਗੜ੍ਹ :ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦਾ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਸਵੇਰੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਪਿਛਲੇ ਲਗਪਗ ਡੇਢ ਮਹੀਨੇ ਤੋਂ ਲੁਧਿਆਣਾ ਦੇ ਐਸ.ਪੀ.ਐਸ. ਹਸਪਤਾਲ ਵਿੱਚ ਇਲਾਜ ਅਧੀਨ 49 ਸਾਲਾ ਸ: ਹਰਜਿੰਦਰ ਸਿੰਘ ਦੇ ਫ਼ੇਫੜੇ ਖ਼ਰਾਬ ਸਨ ਅਤੇ ਉਸ ਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਸੀ ਕਿ ਉਨ੍ਹਾਂ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਵੀ ਸ਼ਿਕਾਇਤਾਂ ਹਨ। ਡਾਕਟਰਾਂ ਦੀ ਰਾਏ ਸੀ ਕਿ ਫ਼ੇਫੜੇ ਬਦਲਣ ਬਿਨਾਂ ਕੋਈ ਚਾਰਾ ਨਹੀਂ ਹੈ। 6 ਅਪ੍ਰੈਲ ਨੂੰ ਕੋਰੋਨਾ ਪਾਜ਼ਿਟਿਵ ਪਾਏ ਜਾਣ ਮਗਰੋਂ ਐਸ.ਪੀ.ਐਸ. ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਡੀ.ਐਸ.ਪੀ. ਦੀ ਹਾਲਤ ਲਗਾਤਾਰ ਨਿੱਘਰਦੀ ਗਈ ਸੀ। ਹਾਲਾਂਕਿ 22 ਅਪ੍ਰੈਲ ਨੂੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ ਪਰ 10 ਮਈ ਨੂੰ ਉਨ੍ਹਾਂ ਦੇ ਫ਼ੇਫੜਿਆਂ ਦੀ ਗੰਭੀਰ ਹਾਲਤ ਬਾਰੇ ਗੱਲ ਸਾਹਮਣੇ ਆਈ ਸੀ।
ਲੁਧਿਆਣਾ ਕੇਂਦਰੀ ਜੇਲ੍ਹ ਦੇ ਸੁਰੱਖ਼ਿਆ ਅਮਲੇ ਵਿੱਚ ਤਾਇਨਾਤ ਡੀ.ਐਸ.ਪੀ. ਨੇ ਪਿਛਲੇ ਦਿਨੀਂ ਹਸਪਤਾਲ ਵਿੱਚ ਆਪਣੇ ਬੈੱਡ ਤੋਂ ਇਕ ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਹਨਾਂ ਦੀ ਮੌਤ ਤੋਂ ਬਾਅਦ ਦਿੱਤੇ ਜਾਣ ਵਾਲਾ ਫ਼ੰਡ ਉਨ੍ਹਾਂ ਨੂੰ ਪਹਿਲਾਂ ਹੀ ਜਾਰੀ ਕਰ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਇਲਾਜ ਕਰਵਾ ਸਕਣ।ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਡੀਐਸਪੀ ਦੇ ਦੁਖਦਾਈ ਤੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੇਲ੍ਹ ਮੰਤਰੀ ਨੇ ਪੀੜਤ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟਾਉਂਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਜ ਦੀਆਂ ਬਿਹਤਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵਿਭਾਗ ਦਾ ਇਕ ਕਾਰਜਕੁਸ਼ਲ ਤੇ ਲਾਇਕ ਅਫਸਰ ਕੋਵਿਡ ਉਪਰੰਤ ਬਿਮਾਰੀ ਨਾਲ ਜੂਝਦਾ ਚਲਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਪੁਲਿਸ ਅਫਸਰ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਰਹੇਗਾ ਜੋ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਂਦਾ ਸੀ।
ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵਰਗੀ ਪੁਲਿਸ ਅਫਸਰ ਨੂੰ ਬਿਨਾਂ ਕਿਸੇ ਖਰਚੇ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਅਤੇ ਮੁੱਖ ਮੰਤਰੀ ਵੱਲੋਂ ਇਸ ਅਧਿਕਾਰੀ ਦੇ ਇਲਾਜ ਲਈ ਸਾਰਾ ਖਰਚਾ ਚੁੱਕਣ ਦਾ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਉਚ ਮੈਡੀਕਲ ਮਾਹਿਰ ਨਿਰੰਤਰ ਇਲਾਜ ਦੀ ਨਿਗਰਾਨੀ ਰੱਖ ਰਹੇ ਸਨ।
ਇਸੇ ਦੌਰਾਨ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਅਤੇ ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪੀ.ਕੇ.ਸਿਨਹਾ ਨੇ ਵੀ ਡੀ.ਐਸ.ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।