ਗਵਾਲੀਅਰ : ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੇਤੀ ਬਿੱਲਾਂ ਤੋਂ ਇਲਾਵਾ ਹੋਰ ‘ਬਦਲਾਂ’ ਤੇ ਗੱਲਬਾਤ ਲਈ ਤਿਆਰ ਹੈ। ਇਹ ਗੱਲ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰੀ ਨੇ ਇਥੇ ਕਿਸੇ ਸਮਾਗਮ ਦੌਰਾਨ ਆਖੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਕਰਦੀ ਰਹੇਗੀ। ਇਹ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ।’ ਉਨ੍ਹਾਂ ਕਿਹਾ ਕਿ ਜੇ ਕਿਸਾਨ ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਬਦਲਾਂ ਬਾਰੇ ਚਰਚਾ ਕਰਨ ਲਈ ਤਿਆਰ ਹਨ ਤਾਂ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੈ। ਤੋਮਰ ਜਿਹੜੇ ਲੋਕ ਸਭਾ ਵਿਚ ਇਥੋਂ ਦੀ ਮੋਰਾਨਾ ਸੀਟ ਦੀ ਨੁਮਾਇੰਦਗੀ ਕਰਦੇ ਹਨ, ਦੋ ਦਿਨਾਂ ਦੇ ਦੌਰੇ ’ਤੇ ਇਥੇ ਆਏ ਹੋਏ ਸਨ। ਉਨ੍ਹਾਂ ਨੂੰ ਵੱਧ ਰਹੀ ਮਹਿੰਗਾਈ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ’ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਸਟਾਕ ਜਾਰੀ ਕੀਤੇ ਜਾਣ ਮਗਰੋਂ ਦਾਲਾਂ ਦੀਆਂ ਕੀਮਤਾਂ ਹੇਠਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ਼ੁੱਧਤਾ ਯਕੀਨੀ ਕਰਨ ਲਈ ਕੋਈ ਹੋਰ ਖਾਣ ਯੋਗ ਤੇਲ ਮਿਕਸ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਭਾਜਪਾ ਆਗੂ ਨੇ ਉਨ੍ਹਾਂ ਰੀਪੋਰਟਾਂ ਦਾ ਖੰਡਨ ਕੀਤਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬਦਲਿਆ ਜਾ ਰਿਹਾ ਹੈ।