Patiala : ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਹਰ ਰੋਜ਼ ਵੱਖ ਵੱਖ ਵਰਗਾਂ ਦੇ ਮੁਲਾਜਮ ਤੇ ਆਮ ਲੋਕ ਕੈਪਟਨ ਸਰਕਾਰ ਵਿਰੁੱਧ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮੁਜ਼ਾਹਰੇ ਕਰ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਊ.ਐੱਫ. ਸਕੀਮ ਤਹਿਤ ਭਰਤੀ ਕੀਤੇ ਵੋਕੇਸ਼ਨਲ ਅਧਿਆਪਕਾਂ ਵੱਲੋ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਸਮਰਥਨ ਦੇ ਤੌਰ ਤੇ ਪ੍ਰਿੰਸੀਪਲ ਜੇ. ਪੀ. ਸਿੰਘ ਸੂਬਾ ਸਕੱਤਰ ਮੁਲਾਜ਼ਮ ਵਿੰਗ ਆਮ ਆਦਮੀ ਪਾਰਟੀ ਸ਼ਾਮਲ ਹੋਏ। ਵੋਕੇਸ਼ਨਲ ਅਧਿਆਪਕਾਂ ਦੀ ਲੀਡਰਸ਼ਿਪ ਨੇ ਦੱਸਿਆ ਕਿ ਬਜਾਏ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਂਦਾ ਅਤੇ ਰੈਗੂਲਰ ਪੇ ਸਕੇਲ ਦਿੱਤਾ ਜਾਂਦਾ, ਉਨ੍ਹਾਂ ਦੀਆਂ ਤਨਖਾਹਾਂ ਘਟਾ ਦਿੱਤੀਆਂ ਗਈਆਂ ਹਨ। ਉਹ 2014 ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ। ਪ੍ਰਿ. ਜੇ. ਪੀ. ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ। ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੋਕੇਸ਼ਨਲ ਅਧਿਆਪਕਾਂ ਨੂੰ ਤੁਰੰਤ ਪੱਕਾ ਕਰ ਕੇ ਰੈਗੂਲਰ ਪੇ ਸਕੇਲ ਦੇ ਕੇ ਉਨ੍ਹਾਂ ਨੂੰ ਪੱਕੇ ਮੁਲਾਜ਼ਮਾਂ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਪੱਕੇ ਮੋਰਚੇ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਇਸ ਸਮੇਂ ਉਨ੍ਹਾਂ ਨਾਲ ਹਰੀ ਚੰਦ ਬਾਂਸਲ ਅਤੇ ਸੁਖਵਿੰਦਰ ਸਿੰਘ ਵੀ ਧਰਨੇ ਵਿੱਚ ਸ਼ਾਮਲ ਹੋਏ।