ਚੰਡੀਗੜ੍ਹ : ਸੂਬੇ ਵਿਚ ਵਿਧਾਨ ਸਭਾ ਚੋਣਾਂ ਦੇ ਸਨਮੁਖ ਸਿਆਸੀ ਮਾਹੌਲ ਬਣਦਾ ਜਾ ਰਿਹਾ ਹੈ। ਕਿਸਾਨੀ ਮਸਲੇ ’ਤੇ ਭਾਜਪਾ ਤੋਂ ਅਲੱਗ ਹੋਣ ਵਾਲਾ ਅਕਾਲੀ ਦਲ ਹੁਣ ਸੂਬੇ ਵਿਚ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰ ਸਕਦਾ ਹੈ। ਸੂਤਰਾਂ ਮੁਤਾਬਕ ਇਸ ਗਠਜੋੜ ਦਾ ਰਸਮੀ ਐਲਾਨ ਭਲਕੇ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਚੋਣਾਂ ਦੇ ਸਨੁਮਖ ਬਸਪਾ ਨਾਲ ਗਠਜੋੜ ਕਰਨ ਲਈ ਸਹਿਮਤੀ ਬਣ ਗਈ ਹੈ। ਅਗਲੇ ਹੀ ਦਿਨ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਗੜ੍ਹੀ ਨੇ ਸਪੱਸ਼ਟ ਕਿਹਾ ਸੀ ਕਿ ਅਕਾਲੀ ਦਲ ਨਾਲ ਗਠਜੋੜ ਬਾਬਤ ਹਾਲੇ ਕੋਈ ਸਹਿਮਤੀ ਨਹੀਂ ਬਣੀ ਅਤੇ ਇਸ ਬਾਰੇ ਆਖ਼ਰੀ ਫ਼ੈਸਲਾ ਬਸਪਾ ਪ੍ਰਧਾਨ ਮਾਇਆਵਤੀ ਕਰਨਗੇ। ਸੂਤਰਾਂ ਦਾ ਕਹਿਣਾ ਹੈ ਕਿ ਦੋਹਾਂ ਪਾਰਟੀਆਂ ਵਿਚਾਲੇ ਸਹਿਮਤੀ ਪੂਰੀ ਤਰ੍ਹਾਂ ਬਣ ਗਈ ਹੈ। 117 ਸੀਟਾਂ ਵਿਚੋਂ ਬਸਪਾ ਨੂੰ 20 ਸੀਟਾਂ ’ਤੇ ਚੋਣ ਲੜਨ ਦੀ ਪੇਸ਼ਕਸ਼ ਕੀਤੀ ਜਾ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਵਿਚਾਲੇ ਬੈਠਕਾਂ ਹੋ ਚੁੱਕੀਆਂ ਹਨ ਅਤੇ ਹੁਣ ਬਸ ਰਸਮੀ ਐਲਾਨ ਬਾਕੀ ਹੈ।