ਮੋਗਾ : ਦਿੱਲੀ ਦੀ ਸਰਹੱਦ ਉਤੇ ਕਿਸਾਨੀ ਸੰਘਰਸ਼ ਦਾ ਇਕ ਹੋਰ ਯੋਧਾ ਅੱਜ ਸ਼ਹੀਦ ਹੋ ਗਿਆ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ 51 ਸਾਲਾ ਅਮਰੀਕ ਸਿੰਘ ਜੋ ਕਿ ਦਿੱਲੀ ਮੋਰਚੇ ਵਿੱਚ ਸੰਘਰਸ਼ ਕਰ ਰਿਹਾ ਸੀ ਤੇ ਪਿਛਲੇ ਦਿਨੀਂ ਹੀ ਪੰਜਾਬ ਵਾਪਿਸ ਪਰਤਿਆ ਸੀ। ਇਹ ਕਿਸਾਨ ਮੋਗਾ ਜ਼ਿਲ੍ਹੇ ਦੇ ਪਿੰਡ ਛੋਟਾ ਘਰ ਦਾ ਰਹਿਣ ਵਾਲਾ ਸੀ ਅਤੇ ਉਹ ਲੰਮੇ ਸਮੇਂ ਤੋਂ ਅੰਦੋਲਨ ਵਿੱਚ ਸੰਘਰਸ਼ ਕਰ ਰਿਹਾ ਸੀ। ਇਥੇ ਦਸਣਾ ਜ਼ਰੂਰੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ 'ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ 6 ਮਹੀਨਿਆਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਜਿਥੇ ਕੜਾਕੇ ਦੀ ਸਰਦੀ ਵਿੱਚ ਵੀ ਕਿਸਾਨ ਹਿੰਮਤ ਨਹੀਂ ਹਾਰੇ, ਉਥੇ ਹੀ ਕੋਰੋਨਾ ਕਾਲ ਵਿੱਚ ਵੀ ਉਹ ਇਸੇ ਤਰ੍ਹਾਂ ਡੱਟੇ ਰਹੇ। ਇਸ ਦੌਰਾਨ ਸੈਂਕੜੇ ਕਿਸਾਨਾਂ ਦੀ ਜਾਨ ਚਲੀ ਗਈ। ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਵਿੱਚ ਕਿਸਾਨਾਂ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਅੰਦੋਲਨ ਵਿੱਚ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਸੰਘਰਸ਼ ਕਮੇਟੀ ਨੇ ਵੀ ਅੱਜ ਅਮਰੀਕ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਦੀਆਂ ਸ਼ਹੀਦੀਆਂ ਵਿਅਰਥ ਨਹੀਂ ਜਾਣਗੀਆਂ ਅਤੇ ਅਸੀਂ ਜਿੱਤ ਦਰਜ ਕਰਦੇ ਹੋਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਾਂਗੇ।