ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਤਾਂ ਜੋ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਸੂਬੇ ਵਿੱਚ ਨੌਕਰੀ ਕਰਨ ਲਈ ਆਕਰਸ਼ਿਤ ਕੀਤਾ ਜਾ ਸਕੇ।
ਸ੍ਰੀ ਸੋਨੀ ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ। ਮੀਟਿੰਗ ਵਿੱਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਸ੍ਰੀ ਡੀ.ਕੇ. ਤਿਵਾੜੀ, ਡਾਕਟਰ ਸੁਜਾਤਾ ਸ਼ਰਮਾ ਡਾਇਰੈਕਟਰ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਪਿ੍ਰੰਸੀਪਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।
ਸਟੇਟ ਇੰਸਟੀਚਿਊਟ ਫ਼ਾਰ ਕੈਂਸਰ ਰਿਸਰਚ ਅੰਮਿ੍ਰਤਸਰ ਅਤੇ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਤਾਂ ਜੋ ਜਲਦ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਫਾਰ ਕੈਂਸਰ ਲਈ ਭਰਤੀ ਪ੍ਰੀਕਿ੍ਰਆ ਆਰੰਭ ਕਰ ਦਿੱਤੀ ਗਈ ਹੈ ਜਿਸ ਤਹਿਤ 39 ਸਹਾਇਕ ਪ੍ਰੋਫੈਸਰ, 38 ਐਸੋਸ਼ੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਭਰਤੀ ਪ੍ਰੀਕਿ੍ਰਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ। ਸ੍ਰੀ ਤਿਵਾੜੀ ਨੇ ਡਾਕਰਟੀ ਸਿੱਖਿਆ ਅਤੇ ਖੋਜ਼ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ 120 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਅਕਤੂਬਰ,2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤੇ ਜਾਵੇਗਾ।