ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਜਾਮੀਆ ਮਿਲੀਆ ਇਸਲਾਮੀ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਤੇ ਜੇਐੱਨਯੂ ਦੀਆਂ ਵਿਦਿਆਰਥਣਾਂ ਦੇਵਾਂਗਨਾ ਕਲੀਤਾ ਅਤੇ ਨਤਾਸ਼ਾ ਨਰਵਾਲ ਜ਼ਮਾਨਤ ’ਤੇ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਪਿਛਲੇ ਸਾਲ ਹੋਏ ਦੰਗਿਆਂ ਦੇ ‘ਮਾਸਟਰਮਾਈਂਡ’ ਵਜੋਂ ਮਈ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਡਾਇਰੈਕਟਰ ਜਨਰਲ (ਦਿੱਲੀ ਪ੍ਰਿਜ਼ਨਜ਼) ਸੰਦੀਪ ਗੋਇਲ ਨੇ ਤਿੰਨੋਂ ਵਿਦਿਆਰਥੀਆਂ ਦੀ ਰਿਹਾਈ ਦੀ ਤਸਦੀਕ ਕੀਤੀ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਤਿੰਨੋਂ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਅਦਾਲਤ ਨੇ 15 ਜੂਨ ਨੂੰ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਬਾਰੇ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਬਾਅਦ ਕਿਹਾ ਕਿ ਇਹ ਅਵਿਸ਼ਵਾਸ਼ਯੋਗ ਹੈ ਕਿਉਂਕਿ ਉਨ੍ਹਾਂ ਨੇ ਦੋ-ਤਿੰਨ ਦਿਨ ਪਹਿਲਾਂ ਜ਼ਮਾਨਤ ਹਾਸਲ ਕਰ ਲਈ ਸੀ। ਜਦੋਂ ਦਿੱਲੀ ਹਾਈ ਕੋਰਟ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਫ਼ੈਸਲੇ ਦੀ ਜਾਣਕਾਰੀ ਦਿੱਤੀ ਗਈ ਤਾਂ ਜਸਟਿਸ ਸਿਧਾਰਥ ਮ੍ਰਿਦੁਲ ਅਤੇ ਅਨੂਪ ਜੈਰਾਮ ਭੰਬਾਨੀ ਦੇ ਬੈਂਚ ਨੇ ਕਿਹਾ,‘ਇਹ ਸ਼ਾਨਦਾਰ ਹੈ।’ ਬੈਂਚ ਨੇ ਕਿਹਾ ਕਿ ਅੱਗੇ ਹੋਰ ਕਿਸੇ ਹੁਕਮ ਦੀ ਲੋੜ ਨਹੀਂ ਹੈ ਅਤੇ ਤਿੰਨੋਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ ਜਿਨ੍ਹਾਂ ਜੇਲ੍ਹ ’ਚੋਂ ਫੌਰੀ ਰਿਹਾਈ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਜ਼ਮਾਨਤ ਦੇ ਹੁਕਮਾਂ ਮਗਰੋਂ ਵੀ ਉਨ੍ਹਾਂ ਨੂੰ 36 ਘੰਟਿਆਂ ਬਾਅਦ ਰਿਹਾਅ ਨਹੀਂ ਕੀਤਾ ਗਿਆ ਹੈ।