ਨਵੀਂ ਦਿੱਲੀ : ਪੰਜਾਬ ਕਾਂਗਰਸ ਵਿਚ ਪਏ ਕਲੇਸ਼ ਬਾਬਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਈ ਮਾਮਲਿਆਂ ਵਿਚ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਮੇਟੀ ਨੂੰ ਮੁੜ ਮਿਲੇ ਹਨ ਅਤੇ ਉਨ੍ਹਾਂ ਨੂੰ 18 ਮੁੱਦੇ ਦਿਤੇ ਗਏ ਹਨ ਜਿਨ੍ਹਾਂ ’ਤੇ ਸਰਕਾਰ ਨੇ ਕੰਮ ਕਰਨਾ ਹੈ। ਉਨ੍ਹਾਂ ਦਸਿਆ ਕਿ ਕੈਪਟਨ ਅਮਰਿੰਦਰ ਆਉਣ ਵਾਲੇ ਦਿਨਾਂ ਵਿਚ ਪੱਤਰਕਾਰ ਸੰਮੇਲਨ ਕਰ ਕੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕਰਨਗੇ। ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਮਾਮਲਾ ਛੇਤੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦਸਿਆ ਕਿ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿਚਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰਾਵਤ ਨੇ ਕਿਹਾ ਕਿ ਅਜੇ ਦੂਜੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ਵਿੱਚ ਮਿਲੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਸ: ਅਰਜੁਨ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ ਜਿਸ ਮਗਰੋਂ ਨਾ ਕੇਵਲ ਵਿਰੋਧੀ ਧਿਰਾਂ ਨੇ ਇਸ ਫ਼ੈਸਲੇ ’ਤੇ ਸਵਾਲ ਚੁੱਕੇ ਸਨ ਸਗੋਂ ਪਾਰਟੀ ਦੇ ਅੰਦਰੋਂ ਵੀ ਇਸ ਫ਼ੈਸਲੇ ਦੇ ਖਿਲਾਫ਼ ਸੁਰਾਂ ਉੱਠੀਆਂ ਸਨ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਫ਼ੈਸਲਾ ਪਰਿਵਾਰਾਂ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ ਅਤੇ ਇਹ ਵਾਪਿਸ ਨਹੀਂ ਹੋਵੇਗਾ। ਇਸੇ ਗੱਲ ਦੇ ਸਮਰਥਨ ਵਿੱਚ ਕੁਝ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਵੀ ਨਿੱਤਰੇ ਸਨ।ਇਸ ਫ਼ੈਸਲੇ ਦੀ ਵਿਰੋਧਤਾ ਕਰਨ ਵਾਲਿਆਂ ਦੀ ਸੂਚੀ ਵਿੱਚ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖ਼ੜ, ਪ੍ਰਦੇਸ਼ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਵਿਧਾਇਕ,ਅੰਗਦ ਸਿੰਘ ਸੈਣੀ ਵਿਧਾਇਕ, ਕੁਲਜੀਤ ਸਿੰਘ ਨਾਗਰਾ ਵਿਧਾਇਕ, ਸ੍ਰੀ ਰਾਜਾ ਵੜਿੰਗ ਵਿਧਾਇਕ, ਹਰਜੋਤ ਕਮਲ ਸਿਘ ਵਿਧਾਇਕ ਸਣੇ ਕਈ ਆਗੂ ਸ਼ਾਮਲ ਹਨ।