ਚੰਡੀਗੜ : ਤਕਨੀਕੀ ਸਿੱਖਿਆ ਵਿਭਾਗ ਦੀ ਮਹਿਲਾ ਕਰਮਚਾਰੀ, ਜਿਸਨੇ 23 ਜੂਨ ਨੂੰ ਲਾਲੜੂ ਵਿਖੇ ਰੇਲਵੇ ਟ੍ਰੈਕ ’ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਇਨਸਾਫ਼ ਦਿੱਤਾ ਜਾਵੇਗਾ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਲੜਕੀ ਵੱਲੋਂ ਖੁਦਕੁਸ਼ੀ ਨੋਟ ਵਿੱਚ, ਜਿਨਾਂ ਪੁਰਸ਼ ਕਰਮਚਾਰੀਆਂ ਦੇ ਨਾਮ ਦਰਸਾਏ ਗਏ ਹਨ, ਉਨਾਂ ਖਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਉਨਾਂ ਨੇ ਪੀੜਤ ਮਹਿਲਾ ਕਰਮਚਾਰੀ ਦੇ ਵਾਰਸਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ।
ਸ੍ਰੀ ਚੰਨੀ ਨੇ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ, ਬਹੁਤ ਹੀ ਮੰਦਭਾਗੀ ਹੈ ਪਰ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਉਹ ਪੁਲਿਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇਣ ਤਾਂ ਜੋ ਪੀੜਤ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾ ਸਕੇ।
ਮੰਤਰੀ ਨੇ ਅੱਗੇ ਕਿਹਾ ਕਿ ਪੀੜਤ ਪਰਿਵਾਰ ਦੀ ਸਹਾਇਤਾ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੌਕਰੀ ਦੇਣ ਲਈ ਕਾਰਵਾਈ ਕੀਤੀ ਜਾਵੇ।ਉਨਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਅਜਿਹੀ ਕਿਸੇ ਵੀ ਕਿਸਮ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਜਿਹੀ ਕਿਸੇ ਵੀ ਕਾਰਵਾਈ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।