ਚੰਡੀਗੜ : ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਸਰਕਾਰ ਵੱਲੋਂ ਦੇਸ਼ ਵਿੱਚ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਸਭ ਤੋਂ ਪਹਿਲਾ ਯੋਜਨਾ ਲਾਗੂ ਕਰਨ ਦਾ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਕੋਵਿਡ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ। ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਨਗਦ ਅਤੇ 2500 ਰੁਪਏ ਮਹੀਨਾ ਪੈਨਸ਼ਨ ਵਜੋਂ ਦਿੱਤੇ ਜਾਣਗੇ। ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸੱਚ ਕਰ ਦਿਖਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਮਦਦਗਾਰ ਸਰਕਾਰ ਹੈ, ਜੋ ਚੰਗੀ ਸਿੱਖਿਆ, ਬਿਜਲੀ, ਪਾਣੀ, ਇਲਾਜ ਅਤੇ ਰਾਸ਼ਨ ਮੁਫ਼ਤ ਦੇਣ ਦੇ ਨਾਲ ਨਾਲ ਕੋਰੋਨਾ ਵਾਇਰਸ ਦੀ ਆਫ਼ਤ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦੇ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਇਸ ਯੋਜਨਾ ਦਾ ਲੈਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਰਕਾਰ ਨੇ ਵਲੰਟੀਅਰਾਂ ਨੂੰ ਪੀੜਤ ਪਰਿਵਾਰਾਂ ਕੋਲ ਜਾ ਕੇ ਕਾਗਜੀ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਾਧਨ ਸੰਪਨ ਸੂਬਾ ਹੈ ਅਤੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਵਿੱਚ ਵੀ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਕਮਾਉਣ ਵਾਲੇ ਗੁਆ ਦਿੱਤੇ ਹਨ। ਕੋਰੋਨਾ ਨਾਲ ਮਰਨ ਦੀ ਮੌਤ ਦਰ ਪੰਜਾਬ ਵਿੱਚ ਦੇਸ਼ ਦੇ ਦੂਜੇ ਸੂਬਿਆਂ ਤੋਂ ਵੀ ਜ਼ਿਆਦਾ ਰਹੀ ਹੈ। ਇਸ ਲਈ ਪੰਜਾਬ ਵਿੱਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਚੀਮਾ ਨੇ ਮੰਗ ਕੀਤੀ ਹੈ ਕਿ ਕੈਪਟਨ ਸਰਕਾਰ ਪੰਜਾਬ 'ਚ ਕੋਵਿਡ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 50 ਹਜ਼ਾਰ ਦੀ ਨਗਦ ਸਹਾਇਤਾ ਅਤੇ 2500 ਰੁਪਏ ਮਹੀਨਾ ਪੈਨਸ਼ਨ ਦੇਵੇ।