ਚੰਡੀਗੜ੍ਹ: ਭਾਜਪਾ ਲੀਡਰ ਅਨਿਲ ਜੋਸ਼ੀ ਪਿਛਲੇ ਕਈ ਦਿਨਾਂ ਤੋਂ ਆਪਣੀ ਹਾਈਕਮਾਂਡ ਤੋਂ ਅਲਹਿਦਾ ਹੋ ਕੇ ਅਤੇ ਪੰਜਾਬ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਸਨ। ਹੁਣ ਭਜਪਾ ਨੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਥੇ ਦਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਭਾਜਪਾ ਲੀਡਰ ਅਨਿਲ ਜੋਸ਼ੀ ਕਹਿ ਰਹੇ ਹਨ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦਾ ਮਸਲਾ ਹੱਲ ਕਰ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ ਅਤੇ ਇਥੇ ਭਾਜਪਾ ਲੀਡਰਾਂ ਅਤੇ ਹੋਰ ਆਗੂਆਂ ਦਾ ਵਿਚਰਨਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਜਦੋਂ ਵੀ ਕੋਈ ਭਾਜਪਾ ਆਗੂ ਪੰਜਾਬ ਵਿਚ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਦਾ ਡਟਵਾਂ ਵਿਰੋਧ ਹੋ ਜਾਂਦਾ ਹੈ।