ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੋਂ ਉਪਜੀ ਸਥਿਤੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਹਾੜੀ ਰਾਜ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਅਚਾਨਕ ਆਏ ਹੜ੍ਹਾਂ ਵਿਚ ਸੈਰ-ਸਪਾਟਾ ਸਥਾਨਾਂ ’ਤੇ ਕਈ ਕਾਰਾਂ ਅਤੇ ਇਮਾਰਤਾਂ ਰੁੜ੍ਹ ਗਈਆਂ। ਨਾਲ ਹੀ, ਧਰਮਸ਼ਾਲਾ ਦੇ ਹਵਾਈ ਅੱਡੇ ਨੂੰ ਵੀ ਬੰਦ ਕਰਨਾ ਪਿਆ। ਪ੍ਰਧਾਨ ਮੰਤਰੀ ਨੇ ਟਵਿਟਰ ’ਤੇ ਕਿਹਾ, ‘ਭਾਰੀ ਮੀਂਹ ਨਾਲ ਹਿਮਾਚਲ ਪ੍ਰਦੇਸ਼ ਵਿਚ ਪੈਦਾ ਹੋਈ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀ ਰਾਜ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਨ। ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਮੈਂ ਪ੍ਰਭਾਵਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਕਾਮਨਾ ਕਰਦਾ ਹਾਂ।’ ਜ਼ਿਕਰਯੋਗ ਹੈ ਕਿ ਹਿਮਾਚਲ ਦੇ ਕਈ ਹਿੱਸਿਆਂ ਵਿਚ ਐਤਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਕਈ ਥਾਈਂ ਹੜ੍ਹ ਜਿਹੇ ਹਾਲਾਤ ਬਣ ਗਏ ਹਨ ਅਤੇ ਤੇਜ਼ ਪਾਣੀ ਵਿਚ ਗੱਡੀਆਂ ਵੀ ਰੁੜ੍ਹ ਗਈਆਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਤਾ ਹੈ।