ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਆਪਸੀ ਰੌਲਾ ਲੱਗ ਰਿਹਾ ਹੈ ਕਿ ਛੇਤੀ ਹੀ ਨਵਜੋਤ ਸਿੱਧੂ ਦੀ ਨਵੀਂ ਤਾਜਪੋਸ਼ੀ ਨਾਲ ਖ਼ਤਮ ਹੋ ਜਾਵੇਗਾ। ਅੱਗੇ ਚਲਣ ਤੋਂ ਪਹਿਲਾਂ ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਸ਼ਬਦੀ ਤੀਰ ਲੰਮੇ ਸਮੇਂ ਤੋਂ ਇਕ ਦੂਜੇ ਵਲ ਛੱਡੇ ਜਾ ਰਹੇ ਹਨ ਪਰ ਹੁਣ ਤਾਜ਼ਾ ਸਥਿਤੀ ਅਨੁਸਾਰ ਇਹ ਸੱਭ ਰੁਕ ਸਕਦਾ ਹੈ। ਇਸ ਦਾ ਵੱਡਾ ਕਾਰਨ ਹੈ ਕਿ ਕਾਂਗਰਸ ਹਾਈ ਕਮਾਨ ਹਰ ਹਾਲਤ ਵਿਚ ਇਸ ਵਿਵਾਦ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਖ਼ਤਮ ਕਰਨਾ ਚਾਹੁੰਦੀ ਹੈ। ਸੂਤਰਾਂ ਤੋਂ ਮਿਲੀ ਅਹਿਮ ਜਾਣਕਾਰੀ ਅਨੁਸਾਰ ਹਾਈ ਕਮਾਨ ਨੇ ਨਵਜੋਤ ਸਿੱਧੂ ਦੀ ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਦੀ ਤਿਆਰੀ ਕਰ ਲਈ ਹੈ ਪਰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਕੈਪਟਨ ਹੀ ਹੋਣਗੇ। ਇਕੇ ਦਸ ਦਈਏ ਕਿ ਬੀਤੀ ਸ਼ਾਮ ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਗਲੇ 3-4 ਦਿਨਾਂ ਵਿੱਚ ਪੰਜਾਬ ਕਾਂਗਰਸ ਲਈ ਚੰਗੀ ਖ਼ਬਰ ਆ ਸਕਦੀ ਹੈ। ਅੱਜ ਸਿੱਧੂ ਨੇ ਆਪਣੇ ਇੱਕ ਟਵੀਟ ਰਾਹੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਦਿੱਤਾ ਹੈ। ਹੋ ਸਕਦਾ ਹੈ ਕਿ ਇਸੇ ਲਈ ਹਾਈਕਮਾਂਨ ਨੇ ਇਹ ਫ਼ੈਸਲਾ ਲਿਆ ਹੋਵੇ। ਜੋ ਵੀ ਹੈ ਇਹ ਸਥਿਤੀ ਛੇਤੀ ਹੀ ਸਾਫ਼ ਹੋ ਜਾਵੇਗੀ ਅਤੇ ਕਾਂਗਰਸ ਹਾਈ ਕਮਾਨ ਵਲੋਂ ਛੇਤੀ ਹੀ ਐਲਾਨ ਕੀਤਾ ਜਾ ਸਕਦਾ ਹੈ ਕਿ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਹੋਣਗੇ।