ਨਵੀਂ ਦਿੱਲੀ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਉਰਫ਼ ਪੀਕੇ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਪ੍ਰਸ਼ਾਂਤ ਨੇ ਮੰਗਲਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਜਿਸ ਦੇ ਬਾਅਦ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ੲਨ। ਇਸ ਬੈਠਕ ਵਿਚ ਰਾਹੁਲ ਦੇ ਇਲਾਵ ਪ੍ਰਿਯੰਕਾ ਗਾਂਧੀ ਅਤੇ ਹਰੀਸ਼ ਰਾਵਤ ਵੀ ਮੌਜੂਦ ਸਨ। ਹਾਲਾਂਕਿ ਇਕ ਦਿਨ ਬਾਅਦ ਹੁਣ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਛੇਤੀ ਹੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਕਿਸ਼ੋਰ ਦੀ ਕਾਂਗਰਸ ਆਗੂਆਂ ਨਾਲ ਬੈਠਕ ਨੂੰ ਕਾਫ਼ੀ ਅਹਿਮ ਦਸਿਆ ਜਾ ਰਿਹਾ ਹੈ। ਇਹ ਬੈਠਕ ਯੂਪੀ ਜਾਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਨਹੀਂ ਸਗੋਂ ਉਸ ਤੋਂ ਵੀ ਕਿਤੇ ਜ਼ਿਆਦਾ ਵੱਡੀ ਸੀ। ਕਿਹਾ ਜਾ ਰਿਹਾ ਹੈ ਕਿ ਕਾਂਗਰਸ ਨੇ ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀਆਂ ਬਣਾਉਣ ਦੀ ਕਵਾਇਦ ਸ਼ੁਰੂ ਕਰ ਦਿਤੀ ਹੈ ਅਤੇ ਪ੍ਰਸ਼ਾਂਤ ਕਿਸ਼ੋਰ ਇਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਕਿਸ਼ੋਰ ਦੀ ਕਾਂਗਰਸ ਆਗੂਆਂ ਨਾਲ ਕਰੀਬ ਇਕ ਘੰਟਾ ਲੰਮੀ ਬੈਠਕ ਚੱਲੀ। ਬੈਠਕ ਵਿਚ ਪ੍ਰਿਯੰਕਾ ਅਤੇ ਸੋਨੀਆ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਪਹਿਲਾਂ ਜੇਡੀਯੂ ਵਿਚ ਵੀ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਸੀ ਪਰ ਬਾਅਦ ਵਿਚ ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ ਨਾਲ ਮਤਭੇਦਾਂ ਕਾਰਨ ਉਹ ਪਾਰਟੀ ਤੋਂ ਬਾਹਰ ਹੋ ਗਏ ਸਨ।