ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਮਿਲੇ ਸੰਕੇਤ ਮਗਰੋਂ ਪੰਜਾਬ ਕਾਂਗਰਸ ਵਿਚ ਹਲਚਲ ਵੱਧ ਗਈ ਹੈ। ਮੀਡੀਆ ਦੇ ਇਕ ਹਿੱਸੇ ਵਿਚ ਖ਼ਬਰ ਆਈ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਹੜੇ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਸ਼ੁੁਰੂ ਤੋਂ ਹੀ ਵਿਰੋਧਤਾ ਕਰਦੇ ਆ ਰਹੇ ਹਨ, ਨੇ ਅਸਤੀਫ਼ਾ ਦੀ ਪੇਸ਼ਕਸ਼ ਕਰ ਦਿਤੀ ਹੈ। ਇਸ ਖ਼ਬਰ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਰੱਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਨੁੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੀਆਂ ਰਿਪੋਰਟਾਂ ਆਉਣ ’ਤੇ ਅਸਤੀਫੇ ਦੀ ਪੇਸ਼ਕਸ਼ ਕੀਤੇ ਜਾਣ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ ਹੈ।
ਉਹਨਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ਨਾ ਤਾਂ ਉਹਨਾਂ ਅਸਤੀਫਾ ਦਿੱਤਾ ਹੈ ਤੇ ਨਾ ਦੇਣਗੇ ਬਲਕਿ ਉਹ2017 ਵਾਂਗ 2022 ਵਿਚ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਫਲਤਾਪੂਰਵਕ ਅਗਵਾਈ ਕਰਨਗੇ। ਉਹਨਾਂ ਨੇ ਮੀਡੀਆ ਨੂੰ ਤੁੱਕੇ ’ਤੇ ਆਧਾਰਿਤ ਖਬਰਾਂ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਖ਼ਬਰ ਇਹ ਵੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿਸਵਾਂ ਫ਼ਾਰਮ ਵਿਖੇ ਅਪਣੇ ਹਮਾਇਤੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੱਦ ਲਿਆ ਹੈ ਜਦਕਿ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਰੰਧਾਵਾ ਦੇ ਘਰੇ ਮੀਟਿੰਗ ਕੀਤੀ ਹੈ। ਫ਼ਿਲਹਾਲ ਇਸ ਦੀ ਹਾਲੇ ਪੁਸ਼ਟੀ ਨਹੀਂ ਹੋਈ। ਜੋ ਵੀ ਹੈ, ਪੰਜਾਬ ਕਾਂਗਰਸ ਦਾ ਕਲੇਸ਼ ਹਾਲੇ ਦੂਰ ਹੋਇਆ ਨਜ਼ਰ ਨਹੀਂ ਆਉਂਦਾ।