ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੇ ਰਾਜਾਂ ਵਿਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਚਰਚਾ ਕੀਤੀ। ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨਮੋਹਨ ਰੈਡੀ, ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ, ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਕੇਰਲਾ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਵੀਡੀਉ ਕਾਨਫ਼ਰੰਸ ਜ਼ਰੀਏ ਸ਼ਾਮਲ ਹੋਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਭਾਈ ਮਾਂਡਵੀਆ ਵੀ ਇਸ ਬੈਠਕ ਵਿਚ ਮੌਜੂਦ ਸਨ। ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨਾਲ ਸੰਵਾਦ ਦਾ ਸਿਲਸਿਲਾ ਸ਼ੁੁਰੂ ਕੀਤਾ ਹੈ। ਇਸ ਕੜੀ ਵਿਚ ਪਿਛਲੇ ਦਿਨੀਂ ਉਨ੍ਹਾਂ ਉਤਰ ਪੂਰਬ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ। ਜ਼ਿਕਰਯੋਗ ਹੈ ਕਿ ਕੇਰਲਾ, ਮਹਾਰਾਸ਼ਟਰ ਵਿਚ ਕੋਵਿਡ ਦੇ ਮਾਮਲੇ ਮੁੜ ਵਧਣ ਲੱਗ ਪਏ ਹਨ। ਕਲ ਹੀ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿਤੀ ਹੈ ਕਿ ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਸ਼ੁਰੂ ਹੋ ਚੁਕੀ ਹੈ ਅਤੇ ਹਾਲੇ ਸ਼ੁਰੂਆਤੀ ਦੌਰ ਵਿਚ ਹੈ।