ਨਵੀਂ ਦਿੱਲੀ : ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਉਤਰ ਭਾਰਤ ਸਣੇ ਪੰਜਾਬ ਵਿਚ ਭਾਰੀ ਬਰਸਾਤ ਹੋਵੇਗੀ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਨੂੰ ਜੰਮੂ 19 ਜੁਲਾਈ ਨੂੰ ਅਤੇ ਉਤਰਾਖੰਡ ਵਿੱਚ 18 ਅਤੇ 19 ਜੁਲਾਈ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ, “ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼ ਅਤੇ ਦੱਖਣੀ ਰਾਜਸਥਾਨ ਵਿਚ ਕਈ ਥਾਵਾਂ ਤੇ ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।” ਮੌਸਮ ਵਿਭਾਗ ਨੇ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ ਪਰ ਜੇਕਰ ਵੇਖਿਆ ਜਾਵੇ ਤਾਂ ਅਜਿਹਾ ਕੁੱਝ ਹੋ ਨਹੀਂ ਰਿਹਾ। ਵਿਭਾਗ ਨੇ ਕਿਹਾ ਸੀ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।