ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਦਿੱਲੀ ਵਾਸੀਆਂ ਨੂੰ ਅੱਜ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਭਾਰੀ ਬਾਰਸ਼ ਹੋਵੇਗੀ। ਜੇਕਰ ਮੌਸਮ ਵਿਭਾਗ ਦੀ ਗੱਲ ਮੰਨੀਏ ਤਾਂ ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੋਆ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਥੇ ਇਹ ਵੀ ਦਸ ਦਈਏ ਕਿ ਰਾਤ ਤੋਂ ਸ਼ੁਰੂ ਹੋਈ ਬਾਰਸ਼ ਕਾਰਨ ਦਿੱਲੀ ਦਾ ਪਾਰਾ ਵੀ ਡਿੱਗ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਮੁੰਬਈ ਵਿੱਚ ਭਾਰੀ ਬਾਰਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਵਿਭਾਗ ਨੇ ਕਿਹਾ ਸੀ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਲਗਾਤਾਰ ਪੈ ਰਹੇ ਮੀਂਹ ਦੇ ਨਾਲ ਨਾਲ ਕਈ ਥਾਵਾਂ ‘ਤੇ ਬਿਜਲੀ ਵੀ ਗਰਜੀ ।