ਨਵਾਂ ਸ਼ਹਿਰ : ਅੱਜ ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਦੋਂ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਗਏ ਪ੍ਰਧਾਨ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਚਲੇ ਗਏ। ਤਾਜਾ ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ । ਪਿੰਡ ਖਟਕੜ ਕਲਾਂ ਵਿਖੇ ਸਿੱਧੂ ਦੀ ਆਮਦ ਨੂੰ ਦੇਖਦੇ ਹੋਏ ਕਿਸਾਨ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਇਕੱਠੇ ਹੋਏ ਸਨ ਪਰ ਨਵਜੋਤ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਹੀ ਉਥੋ ਚਲੇ ਗਏ। ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਮਿਲ ਕੇ ਕਿਸਾਨਾਂ ਦੀਆਂ ਸਮਸਿਆਵਾਂ ਬਾਰੇ ਜਾਣੂ ਕਰਵਾਉਣਾ ਸੀ ਪਰ ਵਾਅਦੇ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਮਿਲਾਉਣਾ ਮੁਨਾਸਿਬ ਨਹੀਂ ਸਮਝਿਆ ਗਿਆ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਪੁਲਿਸ ਅਫ਼ਸਰਾਂ ਵੱਲੋਂ ਕਿਸਾਨਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਚੱਕਾ ਜਾਮ ਖੋਲ੍ਹਣ ਦੀ ਬੇਨਤੀ ਕੀਤੀ ਪਰ ਕਿਸਾਨ ਟਸ ਤੋਂ ਮਸ ਨਾ ਹੋਏ। ਕਰੀਬ 2 ਘੰਟੇ ਚੱਲੇ ਇਸ ਚੱਕਾ ਜਾਮ ਤੋਂ ਬਾਅਦ ਕਿਸਾਨਾਂ ਨੇ ਆਪਣਾ ਰੋਸ ਧਰਨਾ ਚੁੱਕ ਲਿਆ।ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦੀ ਮੰਗ ਨੂੰ ਦੇਖਦੇ ਹੋਏ ਐੱਸਪੀ ਵਜ਼ੀਰ ਸਿੰਘ ਖਹਿਰਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਿਸਾਨਾਂ ਨੂੰ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਕਾਰਨ ਕਿਸਾਨ ਕਰੀਬ 1 ਘੰਟੇ ਤਕ ਮੀਂਹ 'ਚ ਹੀ ਨਵਜੋਤ ਸਿੰਘ ਸਿੱਧੂ ਦਾ ਇੰਤਜ਼ਾਰ ਕਰਦੇ ਰਹੇ ਪਰ ਸਿੱਧੂ ਵੱਲੋਂ ਸਮਾਗਮ ਵਾਲੀ ਥਾਂ ਤੋਂ ਹੀ ਆਪਣੀ ਗੱਡੀ 'ਚ ਬੈਠ ਕੇ ਰਵਾਨਾ ਹੋਣ ਕਾਰਨ ਰੋਹ 'ਚ ਆਏ ਕਿਸਾਨਾਂ ਨੇ ਨਵਾਂ ਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ਪਿੰਡ ਖਟਕੜ ਕਲਾਂ ਵਿਖੇ ਚੱਕਾ ਜਾਮ ਲਗਾ ਦਿੱਤਾ। ਉਨ੍ਹਾਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਨਵਜੋਤ ਸਿੰਘ ਸਿੱਧੂ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਤੋਂ ਪਹਿਲਾ ਕਿਸਾਨਾਂ ਸਮਾਗਮ ਵਾਲੀ ਥਾਂ 'ਤੇ ਲੱਗੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਵੀ ਪਾੜੇ। ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।